
ਦਲਜੀਤ ਕੌਰ/ਸੰਗਰੂਰ, 17 ਜੁਲਾਈ, 2023: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੁਲਿਸ ਲਾਈਨ ਸੰਗਰੂਰ ਦੇ ਸਟੇਡੀਅਮ ’ਚ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਐਡੀਸ਼ਨਲ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਤੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਜ਼ਾਦੀ ਦਿਵਸ ਸਮਾਰੋਹ ਧੂਮ-ਧਾਮ ਨਾਲ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁੱਖ ਮਹਿਮਾਨ ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਦੇ ਨਾਲ-ਨਾਲ ਪੁਲਿਸ ਲਾਇਨਜ਼ ’ਚ ਹੀ ਸਥਿਤ ਸ਼ਹੀਦੀ ਸਮਾਰਕ ਵਿਖੇ ਦੇਸ਼ ਦੀ ਆਜ਼ਾਦੀ, ਏਕਤਾ ਤੇ ਅਖੰਡਤਾ ਲਈ ਜਾਨਾਂ ਵਾਰਨ ਵਾਲੇ ਯੋਧਿਆਂ ਨੂੰ ਸ਼ਰਧਾ ਦੇ ਫ਼ੁੱਲ ਵੀ ਭੇਂਟ ਕੀਤੇ ਜਾਣਗੇ।
ਐਡੀਸ਼ਨਲ ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀਆਂ ਡਿਊਟੀਆਂ ਨੂੰ ਪੂਰੀ ਇਮਾਨਦਾਰੀ, ਮਿਹਨਤ ਤੇ ਲਗਨ ਨਾਲ ਨਿਭਾਉਣ ਤਾਂ ਜੋ ਇਸ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਪੂਰੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਜਾ ਸਕੇ। ਉਨਾਂ ਕਾਰਜ ਸਾਧਕ ਅਫ਼ਸਰ ਨੂੰ ਸ਼ਹਿਰ ਦੇ ਆਲੇ ਦੁਆਲੇ ਅਤੇ ਵਿਸ਼ੇਸ਼ ਕਰਕੇ ਸਮਾਰੋਹ ਵਾਲੇ ਸਥਾਨ ’ਤੇ ਵਧੀਆ ਢੰਗ ਨਾਲ ਸਫ਼ਾਈ ਕਰਵਾਉਣ ਦੀ ਹਦਾਇਤ ਕੀਤੀ। ਉਨਾਂ ਪੁਲਿਸ ਲਾਈਨ ਸਟੇਡੀਅਮ ਸਮਾਰੋਹ ਵਾਲੇ ਸਥਾਨ ਤੇ ਰੰਗ-ਰੋਗਨ, ਲਾਈਟਾਂ, ਨਿਰਵਿਘਨ ਬਿਜਲੀ, ਬੈਠਣ ਦੇ ਪ੍ਰਬੰਧਾਂ, ਟ੍ਰੈਫਿਕ ਸਿਸਟਮ ਆਦਿ ਦੇ ਸਮਾਂ ਰਹਿੰਦੇ ਪੁਖਤਾ ਪ੍ਰਬੰਧ ਕਰਨ ਦੇ ਵੀ ਨਿਰਦੇਸ਼ ਦਿੱਤੇ। ਉਨਾਂ ਦੱਸਿਆ ਕਿ ਇਸ ਵਾਰ ਵਿਦਿਆਰਥੀਆਂ ਵੱਲੋਂ ਪੀ.ਟੀ. ਸ਼ੋਅ ਦੇ ਨਾਲ-ਨਾਲ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੱਤਰ ਜ਼ਿਲ੍ਹਾ ਪ੍ਰੀਸ਼ਦ ਸ਼ਵਿੰਦਰ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਲਵਲੀਨ ਬੜਿੰਗ, ਜ਼ਿਲ੍ਹਾ ਮੰਡੀ ਅਫ਼ਸਰ ਜਸਪਾਲ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਅੰਜੂ ਸਿੰਗਲਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਸ਼ਰਮਾ ਵੀ ਹਾਜ਼ਰ ਸਨ।