November 22, 2025 12:11 pm

ਕਿਰਤੀ ਕਿਸਾਨ ਯੂਨੀਅਨ ਵੱਲੋਂ ਸੂਬੇ ’ਚ ਫੌਰੀ ਨਹਿਰੀ ਪਾਣੀ ਛੱਡਣ ਦੀ ਮੰਗ ਨੂੰ ਲੈ ਕੇ 9 ਤੋਂ 15 ਜੂਨ ਤੱਕ ਧਰਨੇ ਪ੍ਰਦਰਸ਼ਨ ਕਰਨ ਦਾ ਐਲਾਨ

Share:

ਦਲਜੀਤ ਕੌਰ/ਚੰਡੀਗੜ੍ਹ, 8 ਜੂਨ, 2023: ਪੰਜਾਬ ਦੀ ਖੇਤੀ ਅਤੇ ਕਿਸਾਨਾਂ ਦੀ ਲੋੜ ਨੂੰ ਮੁੱਖ ਰੱਖਦਿਆਂ ਫੌਰੀ ਨਹਿਰੀ-ਪਾਣੀ ਛੱਡਣ ਦੀ ਮੰਗ ਨੂੰ ਲੈਕੇ ਕਿਰਤੀ ਕਿਸਾਨ ਯੂਨੀਅਨ ਸੂਬੇ ਭਰ ’ਚ 9 ਤੋਂ 15 ਜੂਨ ਤੱਕ ਨਹਿਰੀ ਵਿਭਾਗ ਦੇ ਐਸ.ਡੀ.ਓ. ਦਫ਼ਤਰਾਂ ਸਾਹਮਣੇ ਰੋਸ ਧਰਨੇ ਦੇਵੇਗੀ। ਇਹ ਫੈਸਲਾ ਯੂਨੀਅਨ ਦੀ ਸੂਬਾ ਕਮੇਟੀ ਦੀ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਕੀਤਾ ਗਿਆ।
ਯੂਨੀਅਨ ਦੀ ਸੂਬਾ ਕਮੇਟੀ ਨੇ ਹਰਿਆਣੇ ਵਿੱਚ ਸੂਰਜਮੁਖੀ ਦੀ ਐਮ.ਐਸ.ਪੀ. ਕੀਮਤ ਦੀ ਮੰਗ ਕਰ ਰਹੇ ਕਿਸਾਨਾਂ ’ਤੇ ਭਾਜਪਾ ਦੀ ਹਰਿਆਣਾ ਸਰਕਾਰ ਦੇ ਇਸ਼ਾਰੇ ’ਤੇ ਕੀਤੇ ਪੁਲੀਸ ਲਾਠੀਚਾਰਜ, ਗਿ੍ਰਫਤਾਰੀਆਂ ਦੀ ਜ਼ੋਰਦਾਰ ਨਿਖੇਧੀ ਕਰਦੇ ਹੋਏ ਇਸ ਜਬਰ ਵਿਰੁੱਧ ਨਿਖੇਧੀ ਮਤਾ ਪਾਸ ਕਰਦੇ ਹੋਏ ਮੰਗ ਕੀਤੀ ਕਿ ਕਿਸਾਨਾਂ ਦੀ ਪੈਦਾਵਾਰ ਦਾ ਐਮ.ਐਸ.ਪੀ. ’ਤੇ ਖਰੀਦ ਦਾ ਗਾਰੰਟੀ ਕਾਨੂੰਨ ਬਣਾਇਆ ਜਾਵੇ। ਹਰਿਆਣੇ ਦੇ ਕਿਸਾਨਾਂ ਨੂੰ ਸੂਰਜਮੁਖੀ ਦੀ ਐਮ.ਐਸ.ਪੀ. ਕੀਮਤ ਦਿੱਤੀ ਜਾਵੇ। ਕਿਸਾਨਾਂ ’ਤੇ ਦਰਜ ਕੀਤੇ ਕੇਸ ਵਾਪਸ ਲੈ ਕੇ ਗੁਰਨਾਮ ਸਿੰਘ ਚੜੂਨੀ ਸਮੇਤ ਸਾਰੇ ਕਿਸਾਨ ਆਗੂ ਅਤੇ ਕਾਰਕੁੰਨ ਰਿਹਾਅ ਕੀਤੇ ਜਾਣ।
ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦੇ ਹੋਏ ਕਿਰਤੀ ਕਿਸਾਨ ਯੂਨੀਅਨ ਦੇ ਜਨਰਲ ਸਕੱਤਰ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਅਤੇ ਪ੍ਰੈਸ ਸਕੱਤਰ ਰਾਮਿੰਦਰ ਸਿੰਘ ਪਟਿਆਲਾ ਨੇ ਕਿਹਾ ਕਿ ਜੱਥੇਬੰਦੀ ਵੱਲੋਂ ਹਰ ਖੇਤ ਤੱਕ ਨਹਿਰੀ ਪਾਣੀ ਅਤੇ ਹਰ ਘਰ ਤੱਕ ਪੀਣ ਵਾਲਾ ਸਾਫ਼ ਪਾਣੀ ਦੇਣ ਦੀ ਮੁਹਿੰਮ ਨੂੰ ਅੱਗੇ ਤੋਰਦੇ ਹੋਏ ਇੱਕ ਹਫ਼ਤੇ ਲਈ 9 ਜੂਨ ਤੋਂ 15 ਜੂਨ ਤੱਕ ਨਹਿਰੀ ਵਿਭਾਗ ਦੇ ਐਸ.ਡੀ.ਓ. ਦਫ਼ਤਰਾਂ ਸਾਹਮਣੇ ਧਰਨੇ ਦਿੱਤੇ ਜਾਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਨਾਲ ਕਿਸਾਨ ਜੱਥੇਬੰਦੀਆਂ ਦੀ ਹੋਈ ਮੀਟਿੰਗ ਵਿੱਚ ਮੰਨਿਆ ਗਿਆ ਸੀ ਕਿ ਪੰਜਾਬ ਦੇ ਨਹਿਰੀ ਢਾਂਚੇ ਦੀ ਮੁਰੰਮਤ ਕਰਕੇ ਸੁਚਾਰੂ ਬਣਾਉਣ ਦੇ ਨਾਲ-ਨਾਲ 1 ਮਈ ਤੋਂ ਪੰਜਾਬ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਸਹੂਲਤ ਯਕੀਨੀ ਬਣਾਈ ਜਾਵੇਗੀ। ਪ੍ਰੰਤੂ ਫਾਜ਼ਿਲਕਾ-ਮੁਕਤਸਰ ਦੇ ਥੋੜੇ ਹਿੱਸੇ ਨੂੰ ਛੱਡ ਕੇ ਬਾਕੀ ਸੂਬੇ ’ਚ ਸੂਏ, ਕੱਸੀਆਂ ਸੁੱਕੀਆਂ ਪਈਆਂ ਹਨ ਜਦੋਂਕਿ ਸਬਜੀਆਂ, ਮੱਕੀ ਅਤੇ ਹੋਰ ਫ਼ਸਲਾਂ ਦੀ ਕਾਸ਼ਤ ਕਰ ਰਹੇ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਬਹੁਤ ਲੋੜ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਸੂਬੇ ’ਚ ਜ਼ਮੀਨ ਹੇਠਲਾ ਪਾਣੀ ਲਗਾਤਾਰ ਖਤਮ ਹੋਣ ਵੱਲ ਵਧ ਰਿਹਾ ਹੈ। ਨਹਿਰੀ ਪਾਣੀ ਹੇਠ ਸਿੰਜਾਈ ਦੇ ਰਕਬੇ ਨੂੰ ਨਹਿਰੀ ਵਿਵਸਥਾ ਦਾ ਹੋਰ ਵਿਸਥਾਰ ਕਰਕੇ ਵਧਾਇਆ ਜਾਣਾ ਅਣਸਰਦੀ ਲੋੜ ਬਣ ਚੁੱਕੀ ਹੈ। ਉਨ੍ਹਾਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਤੋਂ ਮੰਗ ਕੀਤੀ ਕਿ ਸਾਰੇ ਸੂਬੇ ’ਚ ਨਹਿਰੀ ਪਾਣੀ ਤੁਰੰਤ ਛੱਡ ਕੇ ਕਿਸਾਨਾਂ ਨੂੰ ਰਾਹਤ ਦਿੱਤੀ ਜਾਵੇ।
ਮੀਟਿੰਗ ਵਿੱਚ ਮੀਤ ਪ੍ਰਧਾਨ ਜਤਿੰਦਰ ਸਿੰਘ ਛੀਨਾ, ਹਰਮੇਸ਼ ਸਿੰਘ ਢੇਸੀ, ਸੂਬਾ ਵਿੱਤ ਸਕੱਤਰ ਜਸਵਿੰਦਰ ਸਿੰਘ ਝਬੇਲਵਾਲੀ, ਸਤਿਬੀਰ ਸਿੰਘ, ਯੂਥ ਵਿੰਗ ਦੇ ਆਗੂ ਭੁਪਿੰਦਰ ਸਿੰਘ ਲੌਂਗੋਵਾਲ, ਔਰਤ ਵਿੰਗ ਦੀ ਆਗੂ ਹਰਦੀਪ ਕੌਰ ਕੋਟਲਾ ਤੋਂ ਇਲਾਵਾ ਜਰਨੈਲ ਸਿੰਘ ਜਹਾਂਗੀਰ, ਸੁਰਿੰਦਰ ਸਿੰਘ ਬੈਂਸ, ਬਲਵਿੰਦਰ ਸਿੰਘ ਭੁੱਲਰ, ਚਮਕੌਰ ਸਿੰਘ ਰੋਡੇ, ਸੰਤੋਖ ਸਿੰਘ ਸੰਧੂ, ਸੁਖਦੇਵ ਸਿੰਘ ਸਹਿੰਸਰਾ ਅਤੇ ਬਲਜੀਤ ਸਿੰਘ ਮੁਕਤਸਰ ਆਦਿ ਆਗੂ ਹਾਜ਼ਰ ਸਨ।
seculartvindia
Author: seculartvindia

Leave a Comment

Voting poll

What does "money" mean to you?
  • Add your answer

latest news