
ਮੁਹਾਲੀ, 27 ਜੂਨ/ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਅੱਜ ਇਥੇ ਕਿਸਾਨ ਜਥੇਬੰਦੀਆਂ ਨੇ ਮੂੰਗੀ ਦੀ ਫ਼ਸਲ ਦੀ ਘੱਟੋ ਘੱਟ ਸਮਰਥਨ ਮੁੱਲ ‘ਤੇ ਖਰੀਦ ਯਕੀਨੀ ਬਣਾਉਣ ਦੀ ਮੰਗ ਲਈ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਪੰਜਾਬ ਭਰ ’ਚੋਂ ਕਿਸਾਨਾਂ ਦੇ ਜਥੇ ਸਵੇਰੇ 10 ਵਜੇ ਮੁਹਾਲੀ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਦੇ ਬਾਹਰ ਪਹੁੰਚਣੇ ਸ਼ੁਰੂ ਹੋ ਗਏ ਅਤੇ ਬਾਅਦ ਦੁਪਹਿਰ 1 ਵਜੇ ਤੱਕ ਵੱਡਾ ਇਕੱਠ ਹੋ ਗਿਆ। ਕਿਸਾਨਾਂ ਨੇ ਇੱਥੇ ਮੰਗਾਂ ’ਤੇ ਲੰਮੀ ਚਰਚਾ ਕੀਤੀ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਵੱਲ ਕੂਚ ਕਰਨ ਦਾ ਯਤਨ ਕੀਤਾ ਪਰ ਮੁਹਾਲੀ ਪੁਲੀਸ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਫੇਜ-7 ਦੇ ਟਰੈਫਿਕ ਲਾਈਟ ਪੁਆਇੰਟ ’ਤੇ ਰੋਕ ਲਿਆ।