ਚੰਡੀਗੜ੍ਹ, 20 ਜੁਲਾਈ//ਪੰਜਾਬ ਸਰਕਾਰ ਨੇ ਧਰਤੀ ਹੇਠਲਾ ਪਾਣੀ ਬਚਾਉਣ, ਕਿਸਾਨਾਂ ਨੂੰ ਝੋਨੇ ਦੀ ਕਾਸ਼ਤ ਤੋਂ ਮੋੜਨ ਅਤੇ ਉਨ੍ਹਾਂ ਨੂੰ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਕਰਨ ਲਈ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਪ੍ਰਤੀ ਹੈਕਟੇਅਰ 17,500 ਰੁਪਏ ਪ੍ਰੋਤਸਾਹਨ ਰਾਸ਼ੀ ਦੇਣ ਦਾ ਫ਼ੈਸਲਾ ਕੀਤਾ ਹੈ। ਸੂਬਾ ਸਰਕਾਰ ਨੇ ਇਸ ਮੰਤਵ ਲਈ ਵਿੱਤੀ ਵਰ੍ਹੇ 2024-25 ਵਾਸਤੇ 289.87 ਕਰੋੜ ਰੁਪਏ ਰੱਖੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਖੇਤੀ ਵਿਭਿੰਨਤਾ ਲਈ ਖੇਤੀ ਮਹਿਕਮੇ ਨਾਲ ਵਿਚਾਰ-ਚਰਚਾ ਕਰਨ ਮਗਰੋਂ ਇਸ ਬਾਰੇ ਨਿਰਦੇਸ਼ ਦਿੱਤੇ ਹਨ। ਪੰਜਾਬ ਦੇ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਕਿਸਾਨਾਂ ਨੂੰ ਝੋਨੇ ਦੀ ਕਾਸ਼ਤ ਤੋਂ ਮੋੜਾ ਦੇਣ ਲਈ ਅਤੇ ਹੋਰਨਾਂ ਫ਼ਸਲਾਂ ਹੇਠ ਰਕਬਾ ਵਧਾਉਣ ਲਈ ਇਹ ਫ਼ੈਸਲਾ ਲਿਆ ਗਿਆ ਹੈ।