December 24, 2024 12:45 am

ਨਸ਼ਾ ਵਿਰੋਧੀ ਮੁਹਿੰਮ ਦੇ ਸ਼ੁਰੂਆਤੀ ਸਿਖ਼ਰ ‘ਤੇ ਬੀਕੇਯੂ ਉਗਰਾਹਾਂ ਵੱਲੋਂ ਸੂਬਾ ਤੇ ਕੇਂਦਰ ਸਰਕਾਰਾਂ ਵਿਰੁੱਧ ਪੰਜਾਬ ਭਰ ‘ਚ ਰੋਸ ਮੁਜ਼ਾਹਰੇ

Share:

ਦਲਜੀਤ ਕੌਰ/ਸੰਗਰੂਰ/ਚੰਡੀਗੜ੍ਹ, 6 ਸਤੰਬਰ, 2023: ਘਰ ਘਰ ਨੌਜਵਾਨਾਂ ਦੇ ਸੱਥਰ ਵਿਛਾ ਰਹੇ ਚਿੱਟੇ ਵਰਗੇ ਸਿੰਥੈਟਿਕ ਨਸ਼ਿਆਂ ਵਿਰੁੱਧ ਸਾਰੇ ਕਿਰਤੀ ਵਰਗਾਂ ਦੀ ਸਾਂਝੀ ਲੋਕ ਲਹਿਰ ਉਸਾਰਨ ਵੱਲ ਸੇਧਤ ਨਸ਼ਾ ਵਿਰੋਧੀ ਮੁਹਿੰਮ ਦੇ ਪਹਿਲੇ ਪੜਾਅ ਦੇ ਸਿਖ਼ਰ ‘ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਅੱਜ ਸੂਬਾ ਤੇ ਕੇਂਦਰ ਸਰਕਾਰਾਂ ਵਿਰੁੱਧ 18 ਜ਼ਿਲ੍ਹਿਆਂ ਵਿੱਚ ਲਾਮਿਸਾਲ ਰੋਹ ਭਰਪੂਰ ਧਰਨੇ ਮੁਜ਼ਾਹਰੇ ਕੀਤੇ ਗਏ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਇੱਥੇ ਪ੍ਰੈਸ ਲਈ ਜਾਰੀ ਕੀਤੀ ਗਈ ਪੰਜਾਬ ਭਰ ਦੀ ਜਾਣਕਾਰੀ ਅਨੁਸਾਰ 17 ਜ਼ਿਲ੍ਹਿਆਂ ਦੇ ਡੀ ਸੀ ਦਫ਼ਤਰਾਂ ਅਤੇ ਜਲੰਧਰ ਜ਼ਿਲ੍ਹੇ ਦੇ ਦੋ ਐੱਸ ਡੀ ਐਮ ਦਫ਼ਤਰਾਂ ਅੱਗੇ 2000 ਦੇ ਲਗਭਗ ਪਿੰਡਾਂ ਤੋਂ ਵੱਡੀ ਗਿਣਤੀ ਔਰਤਾਂ, ਨੌਜਵਾਨਾਂ ਤੇ ਹੋਰ ਲੋਕਾਂ ਸਮੇਤ ਕੁੱਲ ਮਿਲਾ ਕੇ ਕਈ ਦਹਿ-ਹਜ਼ਾਰਾਂ ਕਿਸਾਨ ਮਜ਼ਦੂਰ ਅਤੇ ਕਿਰਤੀ ਲੋਕ ਇਨ੍ਹਾਂ ਇਕੱਠਾਂ ਵਿੱਚ ਸ਼ਾਮਲ ਹੋਏ। ਇਸ ਮੌਕੇ ਹਾਜ਼ਰ ਜ਼ਿਲ੍ਹਾ/ਉਪਮੰਡਲ ਅਧਿਕਾਰੀਆਂ ਨੂੰ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਵੀ ਸੌਂਪੇ ਗਏ। ਉਨ੍ਹਾਂ ਦੱਸਿਆ ਕਿ ਨਸ਼ਿਆਂ ਵਿਰੁੱਧ ਨਾਹਰਿਆਂ ਦੇ ਗਰਜਵੇਂ ਜੁਆਬ ਦੇਣ ਸਮੇਂ ਲੋਕਾਂ ਦੇ ਚਿਹਰਿਆਂ ਤੋਂ ਨਸ਼ਾ-ਉਤਪਾਦਕ ਸਾਮਰਾਜੀ ਕੰਪਨੀਆਂ, ਵੱਡੇ ਸਮਗਲਰਾਂ, ਉੱਘੇ ਸਿਆਸਤਦਾਨਾਂ ਅਤੇ ਪੁਲਸੀ/ਪ੍ਰਸ਼ਾਸਨਿਕ ਉੱਚ ਅਧਿਕਾਰੀਆਂ ਦੀ ਚੰਡਾਲ ਚੌਕੜੀ ਖ਼ਿਲਾਫ਼ ਅੰਤਾਂ ਦਾ ਰੋਹ ਝਲਕ ਰਿਹਾ ਸੀ।
ਇਸ ਮੌਕੇ ਧਰਨਿਆਂ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਨਸ਼ਿਆਂ ਦੇ ਵਪਾਰ ਵਿੱਚੋਂ ਅੰਨ੍ਹੇ ਮੁਨਾਫੇ ਅਤੇ ਨੌਜਵਾਨਾਂ ਦੀ ਮੱਤ ਮਾਰਨ ਦੇ ਦੂਹਰੇ ਲਾਹੇ ਖੱਟਣ ਵਾਲੀ ਉਪਰੋਕਤ ਚੰਡਾਲ ਚੌਕੜੀ ਨੂੰ ਨਸ਼ਿਆਂ ਦੀ ਮਹਾਂਮਾਰੀ ਦੇ ਮੁੱਖ ਦੋਸ਼ੀ ਗਰਦਾਨਿਆ ਅਤੇ ਨਸ਼ਾ ਵਿਰੋਧੀ ਮੁਹਿੰਮ ਦਾ ਚੋਟ ਨਿਸ਼ਾਨਾ ਬਣਾਉਣ ਦਾ ਐਲਾਨ ਕੀਤਾ। ਇਸ ਮੁਹਿੰਮ ਦੇ ਅਗਲੇ ਪੜਾਅ ਦਾ ਐਲਾਨ ਕਰਦਿਆਂ ਉਨ੍ਹਾਂ ਦੱਸਿਆ ਕਿ 7 ਸਤੰਬਰ ਤੋਂ 6 ਅਕਤੂਬਰ ਤੱਕ “ਪਿੰਡਾਂ ਨੂੰ ਜਗਾਓ, ਪਿੰਡਾਂ ਨੂੰ ਹਿਲਾ ਦਿਓ” ਮੁਹਿੰਮ ਭਖਾਉਣ ਲਈ 30 ਸਤੰਬਰ ਤੱਕ ਪਿੰਡ ਪਿੰਡ ਜਨਤਕ ਮੀਟਿੰਗਾਂ ਰੈਲੀਆਂ ਕੀਤੀਆਂ ਜਾਣਗੀਆਂ ਅਤੇ ਮਾਰੂ ਨਸ਼ਿਆਂ ਦੀ ਭੇਟ ਚੜ੍ਹੇ ਨੌਜਵਾਨਾਂ ਦੀਆਂ ਫੋਟੋਆਂ ਸਮੇਤ ਲਿਸਟਾਂ ਬਣਾਈਆਂ ਜਾਣਗੀਆਂ। 1 ਤੋਂ 6 ਅਕਤੂਬਰ ਤੱਕ ਇਨ੍ਹਾਂ ਫੋਟੋਆਂ ਸਮੇਤ ਪਿੰਡ ਪੱਧਰੇ ਰੋਸ ਮਾਰਚ ਕੀਤੇ ਜਾਣਗੇ। 10 ਅਕਤੂਬਰ ਨੂੰ ਪੰਜਾਬ ਦੇ ਮੰਤਰੀਆਂ ਅਤੇ ਆਪ ਦੇ ਵਿਧਾਇਕਾਂ ਦੇ ਘਰਾਂ ਅੱਗੇ ਵਿਸ਼ਾਲ ਧਰਨੇ ਲਾਏ ਜਾਣਗੇ।
ਪੰਜਾਬ ਦੇ ਵੱਖ ਵੱਖ ਥਾਈਂ ਸੰਬੋਧਨ ਕਰਨ ਵਾਲੇ ਸਮੂਹ ਬੁਲਾਰਿਆਂ ਨੇ ਇੱਕਸੁਰ ਹੋ ਕੇ ਮੰਗ ਕੀਤੀ ਕਿ ਪੰਜਾਬ ਸਰਕਾਰ ਚਿੱਟੇ ਦੀ ਪੈਦਾਵਾਰ, ਵਪਾਰ ਅਤੇ ਘਰ-ਘਰ ਵੰਡ-ਵੰਡਾਈ ਨੂੰ ਅਣ-ਐਲਾਨੀ ਪ੍ਰਵਾਨਗੀ ਦੇਣ ਅਤੇ ਸੁਰੱਖਿਅਤ ਰੱਖਣ ਵਾਲੀ ਨੀਤੀ ਦਾ ਤਿਆਗ ਕਰੇ। ਸਰਕਾਰ ਵੱਲੋਂ ਵੱਡੇ ਪੱਧਰ ’ਤੇ ਨਸ਼ਾ ਵਿਰੋਧੀ ਮੁਹਿੰਮ ਨੂੰ ਤੁਰੰਤ ਹੱਥ ਲਿਆ ਜਾਵੇ। ਚਿੱਟੇ ਦੇ ਵਪਾਰ ਵਿਚ ਸ਼ਾਮਲ ਅਡਾਨੀ ਵਰਗੇ ਦੇਸੀ-ਬਦੇਸ਼ੀ ਕਾਰਪੋਰੇਟ ਘਰਾਣਿਆਂ, ਉੱਚ ਅਫਸਰਸ਼ਾਹੀ, ਉੱਘੇ ਸਿਆਸਤਦਾਨਾਂ ਅਤੇ ਵੱਡੇ ਸਮਗਲਰਾਂ ਨੂੰ ਟਿੱਕਿਆ ਜਾਵੇ, ਨਸ਼ਰ ਕੀਤਾ ਜਾਵੇ ਅਤੇ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਪਿਛਲੇ ਸਾਲਾਂ ਦੀਆਂ ਪੁੱਛ-ਪੜਤਾਲਾਂ ਦੌਰਾਨ ਨਸ਼ਰ ਹੋਈਆਂ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿਚਲੀਆਂ ਨਸ਼ਾ ਫੈਕਟਰੀਆਂ ਦੇ ਕੇਸਾਂ ਦੀ ਪੈਰਵੀ ਕਰਕੇ ਮਾਲਕਾਂ ਨੂੰ ਯੋਗ ਸਜ਼ਾਵਾਂ ਦਿੱਤੀਆਂ ਜਾਣ। ਹੋਰ ਨਸ਼ਾ ਫੈਕਟਰੀਆਂ ਦੇ ਮਾਲਕਾਂ ਅਤੇ ਉਹਨਾਂ ਦੀ ਵੰਡ-ਵੰਡਾਈ ਕਰਨ ਵਾਲੇ ਢਾਂਚੇ ਖਿਲਾਫ ਕਾਨੂੰਨੀ ਕਾਰਵਾਈ ਕਰਕੇ ਇਸਨੂੰ ਤਬਾਹ ਕੀਤਾ ਜਾਵੇ। ਚਿੱਟੇ ਵਰਗੇ ਸਿੰਥੈਟਿਕ ਨਸ਼ਿਆਂ ਦੀ ਪੈਦਾਵਾਰ ਤੇ ਵਪਾਰ ਕਰਨ ਵਾਲੇ ਪ੍ਰਮੁੱਖ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਦੇਣ ਲਈ ਨਵਾਂ ਕਾਨੂੰਨ ਪਾਸ ਕਰਕੇ ਇਸਨੂੰ ਲਾਗੂ ਕੀਤਾ ਜਾਵੇ। ਸਰਕਾਰ ਵੱਲੋਂ ਨਸ਼ਾ-ਛੁਡਾਊ ਕੇਂਦਰਾਂ ਦਾ ਢੁੱਕਵਾਂ ਪ੍ਰਬੰਧ ਕਰਕੇ ਉੱਚ-ਪੱਧਰਾ ਮੈਡੀਕਲ ਇਲਾਜ ਅਤੇ ਮਨੋਵਿਗਿਆਨਕ ਇਲਾਜ ਕਰਨ ਵਾਲੇ ਮਾਹਰਾਂ ਦੀਆਂ ਸੇਵਾਵਾਂ ਹਰ ਇੱਕ ਕੇਂਦਰ ਵਿਚ ਮੁਹੱਈਆ ਕੀਤੀਆਂ ਜਾਣ। ਨਸ਼ਾ-ਪੀੜਤਾਂ ਅਤੇ ਛੋਟੇ-ਨਸ਼ਾ ਵੰਡਕਾਂ ਦੇ ਮੁੜ-ਵਸੇਬੇ ਲਈ ਢੁੱਕਵੇਂ ਨੀਤੀ ਕਦਮਾਂ ਨੂੰ ਤਹਿ ਕੀਤਾ ਜਾਵੇ ਅਤੇ ਅਮਲ ਵਿੱਚ ਲਿਆਂਦਾ ਜਾਵੇ। ਸ਼ਰਾਬ ਦੇ ਠੇਕਿਆਂ ਦਾ ਪਸਾਰ ਕਰਨ ਅਤੇ ਔਰਤਾਂ ਲਈ ਸ਼ਰਾਬ ਦੇ ਠੇਕੇ ਖੋਹਲਣ ਦੀ ਨੀਤੀ ਦਾ ਤਿਆਗ ਕੀਤਾ ਜਾਵੇ। ਪਿੰਡ ਦੀ ਅਤੇ ਸ਼ਹਿਰ ਦੀ ਆਬਾਦੀ ਦਾ ਮਤਾ ਪਾਸ ਹੋ ਜਾਣ ਵਾਲੀ ਥਾਂ ਤੋਂ ਸ਼ਰਾਬ ਦਾ ਠੇਕਾ ਖਤਮ ਕੀਤਾ ਜਾਵੇ।
ਅੱਜ ਸੂਬੇ ਭਰ ਵਿੱਚ ਵੱਖ ਵੱਖ ਥਾਵਾਂ ‘ਤੇ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ਵਿੱਚ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਤੋਂ ਇਲਾਵਾ ਸੂਬਾ ਆਗੂ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਹਰਦੀਪ ਸਿੰਘ ਟੱਲੇਵਾਲ, ਰੂਪ ਸਿੰਘ ਛੰਨਾਂ, ਜਨਕ ਸਿੰਘ ਭੁਟਾਲ, ਜਗਤਾਰ ਸਿੰਘ ਕਾਲਾਝਾੜ ਅਤੇ ਔਰਤ ਆਗੂ ਹਰਿੰਦਰ ਕੌਰ ਬਿੰਦੂ, ਕੁਲਦੀਪ ਕੌਰ ਕੁੱਸਾ, ਕਮਲਜੀਤ ਕੌਰ ਬਰਨਾਲਾ, ਜਸਵੀਰ ਕੌਰ ਉਗਰਾਹਾਂ, ਮਨਦੀਪ ਕੌਰ ਬਾਰਨ, ਸਰੋਜ ਰਾਣੀ ਮਾਨਸਾ, ਗੁਰਮੇਲ ਕੌਰ ਦੁਲਮਾਂ, ਹਰਿੰਦਰ ਕੌਰ ਮੱਦੂਛਾਂਗਾ, ਦਵਿੰਦਰ ਕੌਰ ਗੁਰਦਾਸਪੁਰ ਸਮੇਤ ਜ਼ਿਲ੍ਹਾ/ਬਲਾਕ ਪੱਧਰੇ ਆਗੂ ਸ਼ਾਮਲ ਸਨ। ਸਾਰੇ ਬੁਲਾਰਿਆਂ ਨੇ ਵੱਖ ਵੱਖ ਸਟੇਜਾਂ ਤੋਂ ਨਸ਼ਾ ਵਿਰੋਧੀ ਮੁਹਿੰਮ ਦੇ ਅਗਲੇ ਪੜਾਅ ਦਾ ਐਲਾਨ ਕੀਤਾ ਤਾਂ ਪੰਡਾਲ ਨਸ਼ਾ ਵਿਰੋਧੀ ਨਾਹਰਿਆਂ ਨਾਲ ਗੂੰਜ ਉੱਠੇ।
ਫੋਟੋਆਂ:
1.ਸੰਗਰੂਰ ਧਰਨਾ
2. ਬਠਿੰਡਾ ਧਰਨਾ
3. ਸੰਗਰੂਰ ਸੰਬੋਧਨ ਜੋਗਿੰਦਰ ਸਿੰਘ ਉਗਰਾਹਾਂ
4. ਮੋਗਾ ਧਰਨਾ
seculartvindia
Author: seculartvindia

Leave a Comment

Voting poll

What does "money" mean to you?
  • Add your answer

latest news