ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਿੱਚ ਪੇਪਰ ਲੀਕ ਹੋਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਪ੍ਰੀਖਿਆਵਾਂ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਬਣਾਉਣ ਲਈ ਇੱਕ ਉੱਚ-ਪੱਧਰੀ ਕਮੇਟੀ ਗਠਿਤ ਕੀਤੀ ਹੈ। ਇਸ ਕਮੇਟੀ ਦੀ ਅਗਵਾਈ ਇੰਫੋਸਿਸ ਦੇ ਸਰਪ੍ਰਸਤ Nandan Nilekani ਕਰਨਗੇ ਤੇ ਉਹ ਤੇ ਉਨ੍ਹਾਂ ਦੀ ਟੀਮ ਪੇਪਰ ਲੀਕ ਵਰਗੀਆਂ ਘਟਨਾਵਾਂ ਰੋਕਣ ਲਈ ਅਹਿਮ ਸੁਝਾਅ ਦੇਣਗੇ। ਇਹ ਕਮੇਟੀ ਆਧੁਨਿਕ ਤਕਨੀਕ ਦੀ ਵਰਤੋਂ ਕਰਕੇ ਪ੍ਰੀਖਿਆ ਪ੍ਰਣਾਲੀ ਵਿੱਚ ਸੁਧਾਰ ਕਰਨ ਲਈ ਜ਼ਰੂਰੀ ਸੁਝਾਅ ਦੇਵੇਗੀ ਤਾਂ ਜੋ ਵਿਦਿਆਰਥੀਆਂ ਦਾ ਭਵਿੱਖ ਸੁਰੱਖਿਅਤ ਰਹਿ ਸਕੇ ਅਤੇ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਆ ਸਕੇ।
ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲਿਆਂ ’ਤੇ ਹੋਵੇਗੀ ਸਖ਼ਤ ਕਾਰਵਾਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਾਅਵਾ ਕੀਤਾ ਕਿ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੇ ਦੋਸ਼ੀ ਇਸ ਸਮੇਂ ਜੇਲ੍ਹ ਵਿੱਚ ਹਨ। ਸ੍ਰੀ ਮੋਦੀ ਨੇ ਇਹ ਐਲਾਨ ਸਰਕਾਰ ਵੱਲੋਂ ਕੌਕਰੇਚ ਜਨਤਾ ਪਾਰਟੀ (ਸੀ ਜੇ ਪੀ) ਦੀਆਂ ਮੰਗਾਂ ਮੰਨਣ ਤੋਂ ਇਕ ਦਿਨ ਬਾਅਦ ਕੀਤਾ ਹੈ। ਦੱਸਣਾ ਬਣਦਾ ਹੈ ਕਿ ਸੀ ਜੇ ਪੀ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਨੀਟ (NEET) ਪੇਪਰ ਲੀਕ ਖਿਲਾਫ ਪ੍ਰਦਰਸ਼ਨ ਕੀਤੇ ਸਨ।
ਪ੍ਰਧਾਨ ਮੰਤਰੀ ਨੇ ਕਿਹਾ, ‘ਦੋਸਤੋ, ਹੁਣ ਫੈਸਲਾਕੁਨ ਕਦਮ ਚੁੱਕਣ ਦਾ ਸਮਾਂ ਆ ਗਿਆ ਹੈ ਅਤੇ ਜਿਨ੍ਹਾਂ ਨੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਹੈ, ਉਨ੍ਹਾਂ ਨੂੰ ਜਵਾਬਦੇਹ ਬਣਾਇਆ ਜਾਣਾ ਚਾਹੀਦਾ ਹੈ। ਅਸੀਂ ਸੰਸਦ ਵਿੱਚ ਇਸ ਮੁੱਦੇ ਨੂੰ ਚੁੱਕਾਂਗੇ ਅਤੇ ਸਖ਼ਤ ਕਾਨੂੰਨਾਂ ਤੇ ਜ਼ਰੂਰੀ ਸੁਧਾਰਾਂ ਲਈ ਜ਼ੋਰ ਪਾਵਾਂਗੇ ਕਿਉਂਕਿ ਅਸੀਂ ਆਪਣੇ ਭਵਿੱਖ ਪ੍ਰਤੀ ਲਾਪ੍ਰਵਾਹ ਨਹੀਂ ਰਹਿ ਸਕਦੇ। ਸਾਡੀ ਪ੍ਰੀਖਿਆ ਪ੍ਰਣਾਲੀ ਭਰੋਸੇਮੰਦ ਅਤੇ ਪਾਰਦਰਸ਼ੀ ਹੋਣੀ ਚਾਹੀਦੀ ਹੈ ਅਤੇ ਇਸ ਵਿੱਚ ਤਕਨਾਲੋਜੀ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਣੀ ਚਾਹੀਦੀ ਹੈ।’
ਉਨ੍ਹਾਂ ਕਿਹਾ ਕਿ ਇਨ੍ਹਾਂ ਚਿੰਤਾਵਾਂ ਨੂੰ ਦੂਰ ਕਰਨ ਲਈ ਤਕਨਾਲੋਜੀ ਮਾਹਿਰ ਨੰਦਨ ਨੀਲੇਕਣੀ ਨੂੰ ਸ਼ਾਮਲ ਕਰਕੇ ਇੱਕ ਉੱਚ-ਪੱਧਰੀ ਟਾਸਕ ਫੋਰਸ ਬਣਾਈ ਜਾਵੇਗੀ ਜੋ ਪ੍ਰੀਖਿਆ ਸੁਧਾਰਾਂ ‘ਤੇ ਖਾਸ ਧਿਆਨ ਦੇਵੇਗੀ ਅਤੇ ਇਸ ਦੀਆਂ ਸਿਫ਼ਾਰਸ਼ਾਂ ਦੇ ਆਧਾਰ ‘ਤੇ ਆਉਣ ਵਾਲੀਆਂ ਪ੍ਰੀਖਿਆਵਾਂ ਦੀ ਪਾਰਦਰਸ਼ਤਾ ਨੂੰ ਯਕੀਨੀ ਬਣਾਏਗੀ।