
ਦਲਜੀਤ ਕੌਰ/ਮਸਤੂਆਣਾ ਸਾਹਿਬ, 13 ਮਈ, 2023: ਅੱਜ ਮੈਡੀਕਲ ਕਾਲਜ ਮਸਤੂਆਣਾ ਸਾਹਿਬ ਦੇ ਮਸਲੇ ਤੇ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਇਲਾਕੇ ਦੀਆਂ ਸੰਗਤਾਂ ਦੀ ਮੀਟਿੰਗ ਰੱਖੀ ਗਈ ਸੀ ਜਿਸ ਨੇ ਰੈਲੀ ਦਾ ਰੂਪ ਧਾਰ ਲਿਆ। ਮੀਟਿੰਗ ਵਿੱਚ ਚਰਚਾ ਕੀਤੀ ਗਈ ਕਿ ਸ਼੍ਰੋਮਣੀ ਕਮੇਟੀ ਵੱਲੋਂ ਕਾਲਜ ਲਈ ਤਜਵੀਜ਼ਤ ਜਗ੍ਹਾ ਦੇਣ ਲਈ ਹਾਈ ਕੋਰਟ ਵਿਚੋਂ ਕੇਸ ਵਾਪਸ ਲੈਣ ਦੇ ਫੈਸਲੇ ਤੋਂ ਮੁਕਰਨ ਤੇ ਸੰਗਤਾਂ ਨੇ ਸ਼੍ਰੋਮਣੀ ਕਮੇਟੀ ਦੀ ਆਲੋਚਨਾ ਕੀਤੀ ਅਤੇ ਸੰਯੁਕਤ ਮੋਰਚੇ ਵੱਲੋਂ ਲੋਕਾਂ ਦੀ ਸਹਿਮਤੀ ਨਾਲ ਅੱਜ ਤੋਂ 19 ਮਈ ਤੱਕ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਪੁਤਲੇ ਇਲਾਕੇ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦੇ ਘਰਾਂ ਅੱਗੇ ਫੂਕਣ ਅਤੇ 21 ਮਈ ਨੂੰ ਟਰੈਕਟਰ ਮਾਰਚ ਕਰਨ ਦਾ ਐਲਾਨ ਕੀਤਾ। ਮੀਟਿੰਗ ਤੋਂ ਬਾਅਦ ਮਸਤੂਆਣਾ ਸਾਹਿਬ ਦੇ ਸਾਹਮਣੇ ਮੁੱਖ ਸੜਕ ਤੇ ਪੁਤਲਾ ਫੂਕ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਅੱਜ ਦੀ ਜਨਤਕ ਮੀਟਿੰਗ ਨੂੰ ਕੁੱਲ ਹਿੰਦ ਕਿਸਾਨ ਫੈਡਰੇਸ਼ਨ ਦੇ ਸੂਬਾ ਆਗੂ ਕਿਰਨਜੀਤ ਸਿੰਘ ਸੇਖੋਂ, ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਆਗੂ ਮੇਜਰ ਸਿੰਘ ਪੁੰਨਾਂਵਾਲ, ਬੀਕੇਯੂ ਡਕੌਂਦਾ (ਬੁਰਜ ਗਿੱਲ) ਦੇ ਆਗੂ ਕੁਲਦੀਪ ਜੋਸ਼ੀ, ਬੀਕੇਯੂ ਡਕੌਂਦਾ (ਧਨੇਰ) ਦੇ ਜਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਛੰਨਾਂ, ਕਿਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਸਕੱਤਰ ਦਰਸ਼ਨ ਕੁੰਨਰਾਂ, ਬੀਕੇਯੂ (ਅਜ਼ਾਦ) ਦੇ ਆਗੂ ਕਰਨੈਲ ਸਿੰਘ ਜੱਸੇਕਾ, ਜਮਹੂਰੀ ਕਿਸਾਨ ਸਭਾ ਦੇ ਜਿਲ੍ਹਾ ਸਕੱਤਰ ਲਾਭ ਸਿੰਘ ਨਮੋਲ, ਭੂਰਾ ਸਿੰਘ ਦੁੱਗਾਂ, ਮੇਵਾ ਸਿੰਘ ਦੁੱਗਾਂ, ਮਨਦੀਪ ਸਿੰਘ ਲਿੱਦੜਾਂ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਆਗੂ ਭਰੋਸਾ ਦਿੰਦੇ ਰਹੇ ਕਿ ਅਸੀਂ ਅਦਾਲਤੀ ਸੁਣਵਾਈ ਮੌਕੇ ਕਾਲਜ ਦੀ ਉਸਾਰੀ ਤੇ ਲੱਗੀ ਰੋਕ ਵਾਪਸ ਲਵਾਂਗੇ ਪਰ ਹਾਈਕੋਰਟ ਵਿਚ ਜਾ ਕੇ ਸਟੇਅ ਵਾਪਸ ਲੈਣ ਤੋਂ ਇਨਕਾਰ ਕਰ ਦਿੱਤਾ। ਜਿਸ ਨਾਲ ਇਲਾਕੇ ਦੇ ਲੋਕਾਂ ਦੇ ਮਨਾਂ ਨੂੰ ਠੇਸ ਪੁੱਜੀ ਹੈ।
ਆਗੂਆਂ ਨੇ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਦੇ ਖ਼ਿਲਾਫ਼ ਤਿੱਖੇ ਸੰਘਰਸ਼ ਦਾ ਐਲਾਨ ਕਰਦਿਆਂ 14 ਮਈ ਨੂੰ ਚੰਗਾਲ, 15 ਮਈ ਨੂੰ ਭਲਵਾਨ, 16 ਮਈ ਨੂੰ ਕਮਾਲਪੁਰ, 17 ਮਈ ਨੂੰ ਲੌਂਗੋਵਾਲ, 18 ਮਈ ਨੂੰ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦੇ ਘਰਾਂ ਅੱਗੇ ਪੁਤਲੇ ਫੂਕ ਕੇ ਪ੍ਰਦਰਸ਼ਨ ਕਰਨ ਅਤੇ 21 ਮਈ ਨੂੰ ਟਰੈਕਟਰ ਮਾਰਚ ਕਰਨ ਦੇ ਪ੍ਰੋਗਰਾਮ ਦਾ ਐਲਾਨ ਕੀਤਾ। ਅੰਗੀਠਾ ਸਾਹਿਬ ਪ੍ਰਬੰਧਕ ਕਮੇਟੀ ਦੇ ਮੁਖੀ ਬਾਬਾ ਦਰਸ਼ਨ ਸਿੰਘ ਨੇ ਵੀ ਇਸ ਸੰਘਰਸ਼ ਨੂੰ ਭਰਵੀਂ ਹਮਾਇਤ ਦੇਣ ਦਾ ਐਲਾਨ ਕੀਤਾ। ਸਟੇਜ ਸਕੱਤਰ ਦੀ ਭੂਮਿਕਾ ਇੰਦਰਪਾਲ ਸਿੰਘ ਪੁੰਨਾਂਵਾਲ ਨੇ ਨਿਭਾਈ।