ਨਵੀਂ ਦਿੱਲੀ, 24 ਮਾਰਚ/ਕੇਰਲ ਦੀ ਵਾਇਨਾਡ ਸੰਸਦੀ ਸੀਟ ਦੀ ਨੁਮਾਇੰਦਗੀ ਕਰ ਰਹੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਸੂਰਤ ਦੀ ਅਦਾਲਤ ਵੱਲੋਂ ਮਾਣਹਾਨੀ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤੇ ਜਾਣ ਕਾਰਨ ਅੱਜ ਲੋਕ ਸਭਾ ਲਈ ਅਯੋਗ ਕਰਾਰ ਦੇ ਦਿੱਤਾ ਗਿਆ। ਲੋਕ ਸਭਾ ਸਕੱਤਰੇਤ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਦੀ ਅਯੋਗਤਾ ਦਾ ਹੁਕਮ 23 ਮਾਰਚ ਤੋਂ ਲਾਗੂ ਹੋਵੇਗਾ। ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ (ਰਾਹੁਲ ਗਾਂਧੀ) ਨੂੰ ਸੰਵਿਧਾਨ ਦੀ ਧਾਰਾ 102(1) ਅਤੇ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 8 ਤਹਿਤ ਅਯੋਗ ਕਰਾਰ ਦਿੱਤਾ ਗਿਆ ਹੈ। ਰਾਹੁਲ ਗਾਂਧੀ ਨੇ ਕਿਹਾ ਹੈ ਕਿ ਉਹ ਭਾਰਤ ਦੀ ਆਵਾਜ਼ ਲਈ ਲੜ ਰਹੇ ਹਨ ਤੇ ਉਹ ਇਸ ਲਈ ਹਰ ਕੀਮਤ ਚੁਕਾਉਣ ਲਈ ਤਿਆਰ ਹਨ।