
ਦਲਜੀਤ ਕੌਰ/ਸੰਗਰੂਰ, 28 ਅਗਸਤ, 2023: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਆਮ ਆਦਮੀ ਕਲੀਨਿਕਾਂ ਵਿਖੇ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੁਵਿਧਾਵਾਂ ਬਾਰੇ ਸਮੀਖਿਆ ਮੀਟਿੰਗ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਲੋਕਾਂ ਦੀ ਸੁਵਿਧਾ ਲਈ 8 ਹੋਰ ਨਵੇਂ ਆਮ ਆਦਮੀ ਕਲੀਨਿਕਾਂ ਨੂੰ ਸਥਾਪਤ ਕਰਨ ਸਬੰਧੀ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਸਫ਼ਲਤਾ ਨਾਲ ਚੱਲ ਰਹੇ 29 ਆਮ ਆਦਮੀ ਕਲੀਨਿਕਾਂ ਰਾਹੀਂ ਵੱਡੀ ਗਿਣਤੀ ਲੋੜਵੰਦਾਂ ਨੂੰ ਸਿਹਤ ਸਹੂਲਤਾਂ ਮਿਲਣ ’ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਹ ਖੁਦ ਵੀ ਸਮੇਂ ਸਮੇਂ ’ਤੇ ਵੱਖ-ਵੱਖ ਆਮ ਆਦਮੀ ਕਲੀਨਿਕਾਂ ਦੀ ਜਾਂਚ ਕਰਕੇ ਲੋਕਾਂ ਤੋਂ ਫੀਡਬੈਕ ਲੈਂਦੇ ਰਹਿੰਦੇ ਹਨ ਅਤੇ ਜ਼ਿਲ੍ਹੇ ਦੇ ਵਸਨੀਕ ਸਰਕਾਰ ਦੇ ਇਸ ਉਪਰਾਲੇ ਤੋਂ ਸੰਤੁਸ਼ਟ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਮੀਟਿੰਗ ਦੌਰਾਨ ਦੱਸਿਆ ਕਿ ਸਰਕਾਰ ਵੱਲੋਂ ਜ਼ਿਲ੍ਹੇ ਦੇ 2 ਸਬਸਿਡਰੀ ਸਿਹਤ ਕੇਂਦਰਾਂ ਨੂੰ ਅਪਗੇ੍ਰਡ ਕੀਤਾ ਜਾਣਾ ਹੈ ਜਦਕਿ 6 ਨਵੇਂ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਜਾਣੇ ਹਨ, ਜਿਸ ਲਈ ਸਬੰਧਤ ਕਾਰਜਕਾਰੀ ਏਜੰਸੀਆਂ ਨਾਲ ਤਾਲਮੇਲ ਕਰਕੇ ਲੋੜੀਂਦੇ ਕਦਮ ਪੁੱਟੇ ਜਾਣ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੰਗਰੂਰ ਦੇ ਸ਼ਹਿਰੀ ਖੇਤਰ ਵਿੱਚ 2, ਸਿਹਤ ਬਲਾਕ ਸ਼ੇਰਪੁਰ ਵਿਖੇ 1 (ਦਿਹਾਤੀ), ਲੌਂਗੋਵਾਲ ਵਿਖੇ 1 (ਦਿਹਾਤੀ), ਖਨੌਰੀ, ਮੂਨਕ, ਦਿੜ੍ਹਬਾ ਤੇ ਚੀਮਾ ਦੇ ਸ਼ਹਿਰੀ ਖੇਤਰਾਂ ਵਿੱਚ 1-1 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਜਾਣਗੇ ਜਿਸ ਲਈ ਲੋੜੀਂਦੇ ਬੁਨਿਆਦੀ ਢਾਂਚੇ ਸਮੇਤ ਹੋਰ ਸੁਵਿਧਾਵਾਂ ਲਈ ਸਬੰਧਤ ਉਪ ਮੰਡਲ ਮੈਜਿਸਟਰੇਟ ਦੀ ਅਗਵਾਈ ਹੇਠ ਟੀਮਾਂ ਵੱਲੋਂ ਸਮੇਂ ਸਿਰ ਜਾਇਜ਼ਾ ਲਿਆ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰੀ ਤੇ ਦਿਹਾਤੀ ਵਸੋਂ ਨੂੰ ਇਨ੍ਹਾਂ ਕਲੀਨਿਕਾਂ ਰਾਹੀਂ ਘਰਾਂ ਦੇ ਨਜ਼ਦੀਕ ਮਿਆਰੀ ਸਿਹਤ ਸੁਵਿਧਾਵਾਂ, ਟੈਸਟ, ਦਵਾਈਆਂ ਆਦਿ ਮੁਫ਼ਤ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ ਅਤੇ ਇਸੇ ਉਦਮ ਸਦਕਾ ਹਰ ਸਬ ਡਵੀਜ਼ਨ ਅੰਦਰ ਇਨ੍ਹਾਂ ਕਲੀਨਿਕਾਂ ’ਤੇ ਇਲਾਜ ਕਰਵਾਉਣ ਵਾਲੇ ਲੋੜਵੰਦਾਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ ਅਤੇ ਇਸ ਨਾਲ ਵੱਡੇ ਹਸਪਤਾਲਾਂ ਦੀਆਂ ਓ.ਪੀ.ਡੀ ਵਿੱਚ ਵੀ ਲੋਕਾਂ ਨੂੰ ਖੜ੍ਹਨਾ ਨਹੀਂ ਪੈਂਦਾ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ, ਸਹਾਇਕ ਕਮਿਸ਼ਨਰ ਜਸਪਿੰਦਰ ਸਿੰਘ, ਐਸ.ਡੀ.ਐਮ ਮੂਨਕ ਸੂਬਾ ਸਿੰਘ, ਐਸ.ਡੀ.ਐਮ ਸੰਗਰੂਰ ਨਵਰੀਤ ਕੌਰ ਸੇਖੋਂ, ਐਸ.ਡੀ.ਐਮ ਦਿੜ੍ਹਬਾ ਰਾਜੇਸ਼ ਸ਼ਰਮਾ, ਐਸ.ਡੀ.ਐਮ ਭਵਾਨੀਗੜ੍ਹ ਵਿਨੀਤ ਕੁਮਾਰ, ਸਿਵਲ ਸਰਜਨ ਡਾ. ਪਰਮਿੰਦਰ ਕੌਰ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।