
ਦਲਜੀਤ ਕੌਰ/ਸੰਗਰੂਰ, 17 ਮਈ, 2023: ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਪੈਨਸ਼ਨ ਸਕੀਮ ਅਧੀਨ ਸਰੀਰਕ ਪੱਖੋਂ 50 ਫੀਸਦੀ ਜਾਂ ਉਸ ਤੋਂ ਵੱਧ ਦਿਵਿਆਂਗਜਨ ਨੂੰ 1,500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਵਜੋਂ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਇਹ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਦਿਵਿਆਂਗ ਪੈਨਸ਼ਨ ਅਧੀਨ ਸੰਗਰੂਰ ਜ਼ਿਲ੍ਹੇ ‘ਚ 20,239 ਲਾਭਪਾਤਰੀਆਂ ਨੂੰ 3 ਕਰੋੜ 3 ਲੱਖ 58 ਹਜ਼ਾਰ 5 ਸੌ ਰੁਪਏ ਦੀ ਰਾਸ਼ੀ ਵੰਡੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੈਨਸ਼ਨ ਮੰਨਜੂਰ ਕਰਵਾਉਣ ਲਈ ਯੂਡੀਆਈਡੀ ਕਾਰਡ ਬਣਾਉਣਾ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਦਿਵਿਆਂਗਜਨ ਸਿਵਲ ਹਸਪਤਾਲ ਸੰਗਰੂਰ ਜਾਂ ਆਪਣੀ ਸੁਵਿਧਾ ਅਨੁਸਾਰ ਸੇਵਾ ਕੇਂਦਰਾਂ ਵਿਖੇ ਵੀ ਯੂਡੀਆਈਡੀ ਕਾਰਡ ਅਪਲਾਈ ਕਰਕੇ ਬਣਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਯੂਡੀਆਈਡੀ ਕਾਰਡ ਬਣਾਉਣ ਲਈ ਸਮੇਂ-ਸਮੇਂ ‘ਤੇ ਸਪੈਸ਼ਲ ਕੈਂਪ ਲਗਾਏ ਜਾਂਦੇ ਹਨ, ਜਿਸ ਦਾ ਯੋਗ ਤੇ ਲੋੜਵੰਦ ਲਾਭਪਾਤਰੀਆਂ ਨੂੰ ਲਾਭ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਰ ਮੰਗਲਵਾਰ ਸਿਵਲ ਹਸਪਤਾਲ ਵਿਖੇ ਯੂ.ਡੀ.ਆਈ.ਡੀ. ਕਾਰਡ ਦੀ ਰਜਿਸਟ੍ਰੇਸ਼ਨ ਅਤੇ ਮੈਡੀਕਲ ਅਸੈਸਮੈਂਟ ਕਰਵਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਰੈੱਡ ਕਰਾਸ ਤੇ ਅਲਿੰਮਕੇ ਵੱਲੋਂ ਦਿਵਿਆਂਗਜਨਾਂ ਨੂੰ ਬਣਾਵਟੀ ਅੰਗ ਮੁਫ਼ਤ ਪ੍ਰਦਾਨ ਕਰਨ ਦੀ ਸੁਵਿਧਾ ਤੇ ਡੀਡੀਆਰਸੀ ਵੱਲੋਂ ਲੋੜਵੰਦ ਦਿਵਿਆਂਗਜਨਾਂ ਦੇ ਅੰਗਾਂ ਦੇ ਨਾਪ ਲੈ ਕੇ ਬਣਾਵਟੀ ਅੰਗ ਤਿਆਰ ਕਰਕੇ ਮੁਫ਼ਤ ਪ੍ਰਦਾਨ ਕੀਤੇ ਜਾਂਦੇ ਹਨ। ਨੈਸ਼ਨਲ ਟਰੱਸਟ ਭਾਰਤ ਸਰਕਾਰ 1999 ਅਧੀਨ ਔਟੀਜਮ, ਸੇਰੇਬ੍ਰਲ ਪਾਲਸੀ, ਮਾਨਸਿਕ ਕਮਜ਼ੋਰੀ ਅਤੇ ਬਹੁ- ਅਯੋਗਤਾ ਵਾਲੇ ਵਿਅਕਤੀਆਂ ਲਈ ਜ਼ਿਲ੍ਹਾ ਪੱਧਰੀ ਕਮੇਟੀ ਵੱਲੋਂ ਪੜਤਾਲ ਕਰਨ ਉਪਰੰਤ ਲੀਗਲ ਗਾਰਡੀਅਨ ਮੁਹੱਇਆ ਕਰਵਾਇਆ ਜਾਂਦਾ ਹੈ ਅਤੇ ਨਿਰਮਾਇਆ ਹੈਲਥ ਇੰਸ਼ੋਰੈਂਸ ਵੀ ਕਰਵਾਈ ਜਾਂਦੀ ਹੈ।
ਡੀ.ਸੀ. ਜਤਿੰਦਰ ਜੋਰਵਾਲ ਨੇ ਦੱਸਿਆ ਕਿ ਦਿਵਿਆਂਗਜਨਾਂ ਨੂੰ ਸਰਕਾਰੀ ਨੌਕਰੀਆਂ ਲਈ ਭਰਤੀ ਸਮੇਂ ਰਾਖਵਾਂਕਰਨ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਰੋਸਟਰ ਨੁਕਤੇ ਅਨੁਸਾਰ ਦਿਵਿਆਂਗਜਨਾਂ ਨੂੰ ਤਰੱਕੀ ਦਾ ਲਾਭ ਦਿੱਤਾ ਜਾਂਦਾ ਹੈ। ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰ ‘ਤੇ ਦਿਵਿਆਂਗਜਨਾਂ ਦੀ ਭਲਾਈ ਲਈ ਕਮੇਟੀ ਦਾ ਗਠਨ ਕੀਤਾ ਗਿਆ ਹੈ।
ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸੰਗਰੂਰ ਲਵਲੀਨ ਕੌਰ ਵੜਿੰਗ ਨੇ ਦੱਸਿਆ ਕਿ ਸਰਕਾਰ ਦੇ ਹੁਕਮਾਂ ਤਹਿਤ ਜ਼ਿਲ੍ਹਾ ਪੱਧਰ ‘ਤੇ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਇੱਕ ਕਮੇਟੀ ਦਾ ਗਠਨ ਕੀਤਾ ਹੋਇਆ ਹੈ, ਜਿਸ ਵਿਚ ਦਿਵਿਆਂਗਜਨਾਂ ਦੀਆਂ ਮੰਗਾਂ, ਸਹੂਲਤਾਂ ਅਤੇ ਸਕੀਮਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਂਦਾ ਹੈ। ਇਸ ਕਮੇਟੀ ਦੀ ਮੀਟਿੰਗ ਤਿਮਾਹੀ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਰਾਜ ਪੱਧਰ ‘ਤੇ ਸਟੇਟ ਅਡਵਾਇਜਰੀ ਬੋਰਡ ਦਾ ਵੀ ਗਠਨ ਕੀਤਾ ਹੋਇਆ ਹੈ।