
ਦਲਜੀਤ ਕੌਰ/ਸੰਗਰੂਰ, 28 ਅਪ੍ਰੈਲ, 2023: ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਸੰਗਰੂਰ ਜ਼ਿਲ੍ਹੇ ਵਿੱਚ ਕਣਕ ਦੀ ਸਰਕਾਰੀ ਖਰੀਦ ਦੀ ਪ੍ਰਕਿਰਿਆ ਸੁਚੱਜੇ ਢੰਗ ਨਾਲ ਚੱਲ ਰਹੀ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਤੈਅਸ਼ੁਦਾ ਸਮੇਂ ਤੋਂ ਪਹਿਲਾਂ ਹੀ ਕਿਸਾਨਾਂ ਦੇ ਖਾਤਿਆਂ ਵਿੱਚ ਕਣਕ ਦੀ ਪੈਮੈਂਟ ਪਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੰਗਰੂਰ ਜ਼ਿਲ੍ਹੇ ਵਿੱਚ ਮਿਤੀ 27 ਅਪ੍ਰੈਲ 2023 ਤੱਕ ਕਣਕ ਦੀ ਫ਼ਸਲ ਦੀ ਖਰੀਦ ਤੋਂ ਬਾਅਦ 1,456.81 ਕਰੋੜ ਰੁਪਏ ਦੀ ਅਦਾਇਗੀ ਹੀ ਬਣਦੀ ਸੀ ਜਦਕਿ ਜ਼ਿਲ੍ਹੇ ਵਿੱਚ ਕਿਸਾਨਾਂ ਨੂੰ ਸਰਕਾਰ ਵੱਲੋਂ ਨਿਰਧਾਰਤ ਸਮਾਂ ਸੀਮਾਂ ਤੋਂ ਵੀ ਪਹਿਲਾਂ ਹੀ 1,479.93 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਕੀਤੇ ਗਏ ਸੁਚੱਜੇ ਪ੍ਰਬੰਧਾਂ ਸਦਕਾ ਹੀ ਮਿਤੀ 27 ਅਪ੍ਰੈਲ ਤੱਕ ਮੰਡੀਆਂ ਵਿੱਚ ਪੁੱਜੀ 100 ਫੀਸਦ ਕਣਕ ਦੀ ਫ਼ਸਲ ਖਰੀਦੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਬੀਤੇ ਕੱਲ ਤੱਕ ਮੰਡੀਆਂ ਵਿੱਚ 8,20,570 ਮੀਟ੍ਰਿਕ ਟਨ ਕਣਕ ਪੁੱਜੀ ਸੀ ਜੋ ਸਾਰੀ ਦੀ ਸਾਰੀ ਹੀ ਸਰਕਾਰੀ ਖਰੀਦ ਏਜੰਸੀਆਂ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ ਖਰੀਦੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਹੁਣ ਹਾੜ੍ਹੀ ਦਾ ਸੀਜ਼ਨ ਆਪਣੇ ਅੰਤਮ ਪੜਾਅ ਵੱਲ ਵੱਧ ਰਿਹਾ ਹੈ ਜਿਸ ਕਰਕੇ ਉਨ੍ਹਾਂ ਵੱਲੋਂ ਸਰਕਾਰੀ ਖਰੀਦ ਏਜੰਸੀਆਂ ਨੂੰ ਹੁਣ ਜਲਦ ਤੋਂ ਜਲਦ ਲਿਫ਼ਟਿੰਗ ਕਰਨ ਦੀ ਹਦਾਇਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਬੀਤੇ ਕੱਲ ਮੰਡੀਆਂ ਵਿੱਚ 12,742 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਸੀ ਜਦਕਿ 26,222 ਮੀਟ੍ਰਿਕ ਟਨ ਫ਼ਸਲ ਮੰਡੀਆਂ ਵਿੱਚੋਂ ਇਸੇ ਦਿਨ ਚੁਕਵਾਈ ਗਈ ਸੀ।
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਕਿਸਾਨਾਂ ਨੂੰ ਕਣਕ ਦੀ ਖਰੀਦ ਸੀਜ਼ਨ ਦੇ ਅਖੀਰ ਤੱਕ ਇਸੇ ਤਰ੍ਹਾਂ ਹੀ ਪ੍ਰਭਾਵਸ਼ਾਲੀ ਸੇਵਾਵਾਂ ਦਿੱਤੀਆਂ ਜਾਣਗੀਆਂ ਅਤੇ ਜ਼ਿਲ੍ਹੇ ਦੀ ਕਿਸੇ ਵੀ ਮੰਡੀ ਵਿੱਚ ਕਿਸਾਨਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀ ਫ਼ਸਲ ਵੇਲੇ ਸਿਰ ਵੇਚ ਕੇ ਸਮੇਂ ਸਿਰ ਘਰ ਨੂੰ ਜਾ ਰਹੇ ਹਨ, ਅਤੇ ਖ੍ਰੀਦ ਪ੍ਰਬੰਧਾਂ ਤੋਂ ਸੰਤੁਸ਼ਟ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਿਸਾਨਾਂ ਦੀ ਕਣਕ ਦਾ ਦਾਣਾ ਦਾਣਾ ਖ੍ਰੀਦਣ ਲਈ ਜ਼ਿਲਾ ਪ੍ਰਸ਼ਾਸ਼ਨ ਵਚਨਬੱਧ ਹੈ।