
ਦਲਜੀਤ ਕੌਰ/ਸੰਗਰੂਰ, 27 ਅਪ੍ਰੈਲ, 2023: ਜ਼ਿਲ੍ਹਾ ਸੰਗਰੂਰ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਦੇ ਕਾਰਜ ਸੁਚਾਰੂ ਢੰਗ ਨਾਲ ਚੱਲ ਰਹੇ ਹਨ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਰੋਜ਼ਾਨਾ ਦੇ ਆਧਾਰ ’ਤੇ ਖਰੀਦ ਪ੍ਰਬੰਧਾਂ ਦੀ ਨਿਗਰਾਨੀ ਕਰ ਰਹੇ ਹਨ ਅਤੇ ਸਮੂਹ ਸਬ ਡਵੀਜ਼ਨਾਂ ਵਿੱਚ ਅਚਨਚੇਤ ਦੌਰਿਆਂ ਰਾਹੀਂ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਮੌਕੇ ’ਤੇ ਹੀ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ ਸਮੇਤ ਹੋਰ ਕਾਰਜਾਂ ਵਿੱਚ ਸਹਿਯੋਗ ਕਰਨ ਵਾਲਿਆਂ ਤੋਂ ਫੀਡਬੈਕ ਲਈ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖਰੀਦ ਏਜੰਸੀਆਂ ਤੇ ਪ੍ਰਾਈਵੇਟ ਵਪਾਰੀਆਂ ਵੱਲੋਂ ਕੀਤੀ ਖਰੀਦ ਦੇ ਅੰਕੜੇ ਸਾਂਝੇ ਕਰਦੇ ਦੱਸਿਆ ਕਿ ਮੰਡੀਆਂ ਵਿੱਚ ਆਈ ਕੁਲ 7 ਲੱਖ 85 ਹਜ਼ਾਰ 728 ਮੀਟਰਕ ਟਨ ਕਣਕ ਦੀ ਸੌ ਫੀਸਦੀ ਖਰੀਦ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਖਰੀਦ ਵਿੱਚ ਬੀਤੀ ਸ਼ਾਮ ਤੱਕ ਪਨਗ੍ਰੇਨ ਸਭ ਤੋਂ ਮੋਹਰੀ ਹੈ ਅਤੇ ਉਸ ਏਜੰਸੀ ਵੱਲੋਂ 2 ਲੱਖ 70 ਹਜ਼ਾਰ 791 ਮੀਟਰਕ ਟਨ ਕਣਕ ਖਰੀਦੀ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਰਕਫੈਡ ਨੇ 1 ਲੱਖ 98 ਹਜ਼ਾਰ 82 ਮੀਟਰਕ ਟਨ, ਪਨਸਪ ਨੇ 1 ਲੱਖ 44 ਹਜ਼ਾਰ 585 ਮੀਟਰਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਨੇ 72 ਹਜ਼ਾਰ 99 ਮੀਟਰਕ ਟਨ ਅਤੇ ਵਪਾਰੀਆਂ ਵੱਲੋਂ 1 ਲੱਖ 171 ਮੀਟਰਕ ਟਨ ਕਣਕ ਖਰੀਦੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਮੰਡੀਆਂ ਵਿੱਚੋਂ ਖਰੀਦੀ ਗਈ ਕਣਕ ਦੀ ਅਦਾਇਗੀ ਵੀ ਨਿਰਧਾਰਿਤ ਸਮੇਂ ਅੰਦਰ ਕਰਦਿਆਂ ਬੀਤੀ ਸ਼ਾਮ ਤੱਕ 1382.92 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਸ਼੍ਰੀ ਜੋਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਅਤੇ ਮੰਡੀਆਂ ਨਾਲ ਜੁੜੇ ਹਰ ਵਰਗ ਨੂੰ ਸਰਵੋਤਮ ਸੁਵਿਧਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਜਿਸ ਨੂੰ ਅਮਲੀ ਜਾਮਾ ਪਹਿਨਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।