ਦਲਜੀਤ ਕੌਰ/ਸੰਗਰੂਰ, 5 ਸਤੰਬਰ , 2023: ਪੰਜਾਬ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਮੁਆਵਜਾ ਲੈਣ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਵੱਖ-ਵੱਖ ਜ਼ਿਲਿਆਂ ਵਿੱਚ 11 ਤੋਂ 13 ਸਤੰਬਰ ਤੱਕ ਮੰਤਰੀਆਂ ਦੇ ਘਰਾਂ ਅੱਗੇ ਲਾਏ ਜਾ ਰਹੇ ਮੋਰਚਿਆਂ ਦੇ ਸੱਦੇ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਅੱਗੇ ਤਿੰਨ ਰੋਜ਼ਾ ਦਿਨ ਰਾਤ ਦਾ ਮੋਰਚਾ ਲਾਇਆ ਜਾਵੇਗਾ।ਇਹ ਫ਼ੈਸਲਾ ਇੱਥੇ ਸਥਾਨਕ ਤੇਜਾ ਸਿੰਘ ਸੁਤੰਤਰ ਭਵਨ ਵਿਖੇ ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਮੇਜਰ ਸਿੰਘ ਪੂਨਾਂਵਾਲ ਦੀ ਪ੍ਰਧਾਨਗੀ ਹੇਠ ਹੋਈ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਵਿੱਚ ਕੀਤਾ ਗਿਆ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ ਅਤੇ ਬੀਕੇਯੂ ਡਕੌਂਦਾ (ਬੁਰਜਗਿੱਲ) ਦੇ ਸੂਬਾ ਆਗੂ ਜਗਮੋਹਣ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਹੜ੍ਹਾਂ ਦੀ ਮਾਰ ਕਾਰਨ ਲੱਖਾਂ ਏਕੜ ਫ਼ਸਲ ਤਬਾਹ ਹੋ ਗਈ, ਸੈਂਕੜੇ ਘਰ ਢਹਿ ਗਏ। ਬਹੁਤ ਸਾਰੀਆਂ ਮਨੁੱਖੀ ਜਾਨਾਂ ਚਲੀਆਂ ਗਈਆਂ ਤੇ ਪਸ਼ੂਆਂ ਦਾ ਵੀ ਨੁਕਸਾਨ ਹੋ ਗਿਆ, ਪਰ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਅਜੇ ਤੱਕ ਪੀੜਤ ਲੋਕਾਂ ਨੂੰ ਮੁਆਵਜ਼ਾ ਨਹੀਂ ਦਿੱਤਾ ਗਿਆ। ਪੰਜਾਬ ਸਰਕਾਰ ਵੱਲੋਂ ਐਲਾਨਿਆਂ 6800 ਰੁਪਇਆ ਪ੍ਰਤੀ ਏਕੜ ਮੁਆਵਜ਼ਾ ਨਾ ਕਾਫੀ ਹੈ ਇਸ ਨਾਲ ਲੋਕਾਂ ਦੇ ਨੁਕਸਾਨ ਦੀ ਭਰਪਾਈ ਨਹੀਂ ਹੋਣੀ, ਸੰਯੁਕਤ ਕਿਸਾਨ ਮੋਰਚੇ ਦੀ ਮੰਗ ਤਹਿਤ ਫਸਲ ਦੇ ਹੋਏ ਨੁਕਸਾਨ ਦਾ 70 ਹਜ਼ਾਰ ਪ੍ਰਤੀ ਏਕੜ, ਪਸ਼ੂਆਂ ਦੇ ਨੁਕਸਾਨ ਦਾ 1 ਲੱਖ ਰੁਪਿਆ ਪ੍ਰਤੀ ਪਸ਼ੂ ਅਤੇ ਮਨੁੱਖੀ ਜਿੰਦਗੀ ਦੇ ਹੋਏ ਨੁਕਸਾਨ ਦਾ 10 ਲੱਖ ਰੁਪਏ ਤੇ ਘਰਾਂ ਦੇ ਹੋਏ ਨੁਕਸਾਨ ਦਾ ਪੰਜ ਲੱਖ ਰੁਪਏ ਮੁਆਵਜਾ ਅਤੇ ਇਸ ਤੋਂ ਬਿਨਾ ਹੜਾਂ ਕਾਰਨ ਵਹਿ ਗਈ ਜ਼ਮੀਨ ਅਤੇ ਟੁੱਟ ਗਏ ਬੋਰਾਂ ਦਾ ਵੀ ਮੁਆਵਜਾ ਦਿੱਤਾ ਜਾਵੇ ਤੇ ਲੋਕਾਂ ਦੇ ਮੁੜ ਵਸੇਬੇ ਦਾ ਪ੍ਰਬੰਧ ਕੀਤਾ ਜਾਵੇ। ਵਾਰ-ਵਾਰ ਆਉਂਦੇ ਹੜਾਂ ਨੂੰ ਰੋਕਣ ਦੇ ਸੁਚੱਜੇ ਪ੍ਰਬੰਧ ਕੀਤੇ ਜਾਣ। ਮੁੱਖ ਮੰਤਰੀ ਭਗਵੰਤ ਮਾਨ ਸਿਰਫ ਗੱਲਾਂ ਦਾ ਕੜਾਹ ਬਣਾ ਰਿਹਾ ਹੈ ਜ਼ਮੀਨੀ ਪੱਧਰ ਤੇ ਕੰਮ ਨਹੀਂ ਕੀਤਾ ਜਾ ਰਿਹਾ। ਇਸ ਕਰਕੇ ਇਹ ਤਿੰਨ ਰੋਜ਼ਾ ਮੋਰਚੇ ਪੂਰੇ ਪੰਜਾਬ ਵਿੱਚ ਲਾਏ ਜਾ ਰਹੇ ਹਨ। ਸੰਗਰੂਰ ਵਿਖੇ ਵੀ ਮੁੱਖ ਮੰਤਰੀ ਦੀ ਪਟਿਆਲਾ ਰੋਡ ਸਥਿਤ ਰਿਹਾਇਸ਼ ਅੱਗੇ ਇਹ ਮੋਰਚਾ ਲਾਇਆ ਜਾਵੇਗਾ। ਜਿਸ ਦੀ ਤਿਆਰੀ ਸਬੰਧੀ ਅੱਜ ਦੀ ਮੀਟਿੰਗ ਵਿੱਚ ਲੰਗਰ, ਸਟੇਜ ਅਤੇ ਹੋਰ ਜ਼ਰੂਰੀ ਪ੍ਰਬੰਧਾਂ ਸਬੰਧੀ ਡਿਊਟੀਆਂ ਲਗਾਈਆਂ ਗਈਆਂ।
ਅੱਜ ਦੀ ਮੀਟਿੰਗ ਵਿੱਚ ਬੀਕੇਯੂ ਡਕੌਂਦਾ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਬੀਕੇਯੂ ਡਕੌਂਦਾ (ਧਨੇਰ )ਦੇ ਜਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਛੰਨਾਂ, ਰਣਧੀਰ ਸਿੰਘ ਭੱਟੀਵਾਲ, ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਆਗੂ ਹਰਦੇਵ ਸਿੰਘ ਬਖਸ਼ੀਵਾਲਾ, ਨਿਰਮਲ ਸਿੰਘ ਬਟੜਿਆਣਾ, ਕੁੱਲ ਹਿੰਦ ਕਿਸਾਨ ਫੈਡਰੇਸ਼ਨ ਦੇ ਆਗੂ ਨਿਰੰਜਣ ਸਿੰਘ ਸਫੀਪੁਰ, ਜਮਹੂਰੀ ਕਿਸਾਨ ਸਭਾ ਦੇ ਸੂਬਾ ਆਗੂ ਊਧਮ ਸਿੰਘ ਸੰਤੋਖ਼ਪੁਰਾ ਤੋਂ ਬਿਨਾਂ ਜਰਨੈਲ ਸਿੰਘ ਜਨਾਲ, ਮੱਘਰ ਸਿੰਘ ਉਭਾਵਾਲ, ਕੁਲਦੀਪ ਸਿੰਘ, ਜਗਤਾਰ ਸਿੰਘ ਦੁੱਗਾਂ ਅਤੇ ਹਰਮੇਲ ਸਿੰਘ ਮਹਿਰੋਕ ਆਦਿ ਹਾਜ਼ਰ ਸਨ।