ਦਲਜੀਤ ਕੌਰ/ਸੰਗਰੂਰ, 10 ਅਪ੍ਰੈਲ, 2023: ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ‘ਤੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ (ਪੀ.ਐਮ.ਐਸ.ਐਮ.ਏ.) ਤਹਿਤ ਅੱਜ ਜ਼ਿਲ੍ਹੇ ਅਧੀਨ ਵੱਖ-ਵੱਖ ਸਿਹਤ ਸੰਸਥਾਵਾਂ ਵਿਖੇ ਜੱਚਾ-ਬੱਚਾ ਜਾਂਚ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਵਿੱਚ ਮਾਹਰ ਡਾਕਟਰਾਂ ਵੱਲੋਂ ਗਰਭਵਤੀ ਔਰਤਾਂ ਦੀ ਮੁਫ਼ਤ ਜਾਂਚ ਤੇ ਟੈਸਟ ਕੀਤੇ ਗਏ।ਇਸ ਮੌਕੇ ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ (ਪੀ.ਐਮ.ਐਸ.ਐਮ.ਏ) ਤਹਿਤ ਗਰਭਵਤੀ ਔਰਤਾਂ ਦੀ ਮੁਫ਼ਤ ਮੈਡੀਕਲ ਜਾਂਚ ਤੇ ਲੋੜੀਂਦੇ ਟੈਸਟ ਕੀਤੇ ਜਾਂਦੇ ਹਨ ਤਾਂ ਜੋ ਉਨ੍ਹਾਂ ਨੂੰ ਪੇਸ਼ ਆਉਣ ਵਾਲੀ ਕੋਈ ਸਮੱਸਿਆ ਬਾਰੇ ਪਤਾ ਲੱਗ ਸਕੇ ਅਤੇ ਹਾਈ ਰਿਸਕ ਗਰਭਵਤੀ ਔਰਤਾਂ ਦੀ ਪਛਾਣ ਕਰ ਕੇ ਉਨ੍ਹਾਂ ਦਾ ਵਿਸ਼ੇਸ਼ ਖਿਆਲ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪੀ.ਐਮ.ਐਸ.ਐਮ.ਏ ਦਾ ਉਦੇਸ਼ ਹਰ ਗਰਭਵਤੀ ਔਰਤ ਦੀ ਮਹੀਨੇ ਵਿੱਚ ਘੱਟੋ ਘੱਟ ਇਕ ਵਾਰ ਜਨਾਨਾ ਰੋਗਾਂ ਦੇ ਮਾਹਿਰ ਡਾਕਟਰ ਤੋਂ ਜਾਂਚ ਕਰਨਾ ਹੈ ਤਾਂ ਜੋ ਗਰਭਵਤੀ ਔਰਤਾਂ ਅਤੇ ਨਵਜਾਤ ਮੌਤ ਦਰ ਨੂੰ ਘੱਟ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਇਸ ਅਭਿਆਨ ਤਹਿਤ ਗਰਭਵਤੀ ਔਰਤਾਂ ਦਾ ਐਚ.ਬੀ., ਸ਼ੂਗਰ, ਬਲੱਡ ਪ੍ਰੈਸ਼ਰ, ਭਾਰ, ਬੱਚੇ ਦੇ ਗਰਭ ‘ਚ ਸਥਿਤੀ ਦੇ ਨਾਲ ਟੈਟਨਸ ਦੇ ਟੀਕੇ ਵੀ ਲਗਾਏ ਗਏ ਹਨ ਤੇ ਨਾਲ ਹੀ ਆਇਰਨ ਤੇ ਫੋਲਿਕ ਐਸਿਡ ਦੀਆਂ ਗੋਲੀਆਂ ਵੀ ਮੁਫ਼ਤ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਇਸ ਦੌਰਾਨ ਬੱਚੇ ਦੀ ਸਥਿਤੀ, ਮਾਂ ਦਾ ਕੱਦ ਅਤੇ ਭਾਰ ਵੀ ਚੈੱਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਗਰਭਵਤੀ ਮਾਂ ਦੇ ਖਾਣ ਪੀਣ ਅਤੇ ਉਸ ਦੀ ਸਿਹਤ ਮੁਤਾਬਕ ਹਲਕੀ ਕਸਰਤ ਕਰਨ ਸਬੰਧੀ ਵੀ ਜਾਗਰੂਕ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਇੰਦਰਜੀਤ ਸਿੰਗਲਾ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਅੰਜੂ ਸਿੰਗਲਾ, ਜ਼ਿਲ੍ਹਾ ਸਿਹਤ ਅਫਸਰ ਡਾ. ਬਲਜੀਤ ਸਿੰਘ, ਸੀਨੀਅਰ ਮੈਡੀਕਲ ਅਫਸਰ ਡਾ. ਕ੍ਰਿਪਾਲ ਸਿੰਘ ਸਮੇਤ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।