April 10, 2026 5:41 pm

ਕੌਮੀ ਸੁਰੱਖਿਅਤ ਮਾਤ੍ਰਤਵ ਦਿਵਸ: ਸਿਹਤ ਵਿਭਾਗ ਗਰਭਵਤੀ ਔਰਤਾਂ ਤੇ ਬੱਚਿਆਂ ਦੀ ਸੰਭਾਲ ਲਈ ਵਚਨਬੱਧ: ਡਾ. ਪਰਮਿੰਦਰ ਕੌਰ

Share:

ਦਲਜੀਤ ਕੌਰ/ਸੰਗਰੂਰ, 11 ਅਪ੍ਰੈਲ, 2023: ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਹਰ ਸਾਲ 11 ਅਪ੍ਰੈਲ ਨੂੰ ‘ਕੌਮੀ ਸੁਰੱਖਿਅਤ ਮਾਤ੍ਰਤਵ ਦਿਵਸ’ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਇਸ ਦਿਨ ਦਾ ਮੁੱਖ ਉਦੇਸ਼ ਗਰਭਵਤੀ ਔਰਤਾਂ, ਦੁੱਧ ਪਿਲਾਉਂਦੀਆਂ ਮਾਵਾਂ ਅਤੇ ਬੱਚਿਆਂ ਦੀ ਸਿਹਤ ਸੰਭਾਲ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨਾ ਹੈ ਤਾਂ ਜੋ ਜੱਚਾ-ਬੱਚਾ ਮੌਤ ਦਰ ਨੂੰ ਘਟਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਹਰ ਮਾਂ ਨੂੰ ਸੁਰੱਖਿਅਤ ਅਤੇ ਸਿਹਤਮੰਦ ਗਰਭ ਅਵਸਥਾ ਲਈ ਦੇਖਭਾਲ ਤੇ ਸਹਾਇਤਾ ਦੇਣ ਲਈ ਹਮੇਸ਼ਾ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਗਰਭਵਤੀ ਔਰਤਾਂ ਤੇ ਨਵਜੰਮੇ ਬੱਚੇ ਦੀ ਸਿਹਤ ਸੁਰੱਖਿਆ ਲਈ ਸਰਕਾਰ ਵੱਲੋਂ ਕਈ ਸਕੀਮਾਂ ਜਿਵੇਂ ਜੇ.ਐਸ.ਵਾਈ., ਜੇ.ਐਸ.ਐਸ.ਕੇ., ਪੀ.ਐਮ.ਐਸ.ਐਮ.ਏ. ਆਦਿ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਨਨੀ ਸਿਸ਼ੂ ਯੋਜਨਾ (ਜੇ.ਐਸ.ਵਾਈ.) ਅਧੀਨ ਗਰਭਵਤੀ ਔਰਤਾਂ ਨੂੰ ਸਿਹਤ ਸਹੂਲਤਾਂ ਦੇ ਨਾਲ-ਨਾਲ ਵਿੱਤੀ ਸਹਾਇਤਾ ਵੀ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲ ਵਿੱਚ ਜਣੇਪਾ ਕਰਵਾਉਣ ‘ਤੇ ਐਸ.ਸੀ., ਐਸ.ਟੀ. ਤੇ ਗਰੀਬੀ ਰੇਖਾ ਤੋਂ ਹੇਠਾਂ ਰਹਿੰਦੀਆਂ ਪੇਂਡੂ ਖੇਤਰ ਦੀਆਂ ਔਰਤਾਂ ਨੂੰ 700 ਰੁਪਏ ਅਤੇ ਸ਼ਹਿਰੀ ਖੇਤਰ ਦੀਆਂ ਔਰਤਾਂ ਨੂੰ 600 ਰੁਪਏ ਦੀ ਮਾਲੀ ਸਹਾਇਤਾ ਦਿੱਤੀ ਜਾਂਦੀ ਹੈ।
 ਉਨ੍ਹਾਂ ਕਿਹਾ ਕਿ ਜਨਨੀ ਸਿਸ਼ੂ ਸੁਰੱਖਿਆ ਕਾਰਿਆਕ੍ਰਮ (ਜੇ.ਐਸ.ਐਸ.ਕੇ.) ਤਹਿਤ ਗਰਭਵਤੀ ਔਰਤ ਦੀ ਰਜਿਸਟ੍ਰੇਸ਼ਨ ਤੋਂ ਲੈ ਕੇ ਡਲਿਵਰੀ ਤੱਕ ਸਾਰੇ ਚੈਕਅੱਪ ਤੇ ਟੈਸਟ ਮੁਫ਼ਤ ਕੀਤੇ ਜਾਂਦੇ ਹਨ। ਇਸ ਤੋਂ ਇਲਾਵਾ ਸਧਾਰਨ ਤੇ ਸੀਜੇਰੀਅਨ ਜਣੇਪੇ ਦੀ ਮੁਫ਼ਤ ਸਹੂਲਤ, ਦਵਾਈਆਂ, ਟੈਸਟ, ਲੋੜ ਪੈਣ ‘ਤੇ ਖ਼ੂਨ ਦੀ ਸੁਵਿਧਾ, ਘਰ ਤੋਂ ਹਸਪਤਾਲ ਤੇ ਹਸਪਤਾਲ ਤੋਂ ਘਰ ਛੱਡਣ ਤੱਕ ਟਰਾਂਸਪੋਰਟ ਦੀ ਮੁਫ਼ਤ ਸਹੂਲਤ, ਹਸਪਤਾਲ ਵਿੱਚ ਦਾਖ਼ਲ ਹੋਣ ਤੋਂ ਲੈ ਕੇ ਛੁੱਟੀ ਮਿਲਣ ਤੱਕ ਮੁਫ਼ਤ ਖਾਣੇ ਦੀ ਸਹੂਲਤ ਮੁਹੱਈਆ ਕਰਵਾਈ ਜਾਂਦੀ ਹੈ।ਇਸ ਤੋਂ ਇਲਾਵਾ ਲੜਕਾ ਪੈਦਾ ਹੋਣ ‘ਤੇ ਇੱਕ ਸਾਲ ਤੱਕ ਅਤੇ ਲੜਕੀ ਹੋਣ ‘ਤੇ ਪੰਜ ਸਾਲ ਤੱਕ ਲੋੜੀਂਦੇ ਮੁਫ਼ਤ ਇਲਾਜ ਦੀ ਸਹੂਲਤ ਵੀ ਦਿੱਤੀ ਜਾਂਦੀ ਹੈ।
ਸਿਵਲ ਸਰਜਨ ਨੇ ਦੱਸਿਆ ਕਿ ਇਸ ਤੋਂ ਇਲਾਵਾ ਹਰ ਮਹੀਨੇ ਦੀ 9 ਤਰੀਕ ਨੂੰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਜਨਾਨਾ ਰੋਗਾਂ ਦੇ ਮਾਹਰ ਡਾਕਟਰਾਂ ਵੱਲੋਂ ਗਰਭਵਤੀ ਔਰਤਾਂ ਦੀ ਮੁਫ਼ਤ ਜਾਂਚ ਤੇ ਟੈਸਟ ਕੀਤੇ ਜਾਂਦੇ ਹਨ ਤੇ ਹਾਈ ਰਿਸਕ ਗਰਭਵਤੀ ਔਰਤਾਂ ਦੀ ਪਛਾਣ ਕਰ ਕੇ ਉਨ੍ਹਾਂ ਦਾ ਵਿਸ਼ੇਸ਼ ਖਿਆਲ ਰੱਖਿਆ ਜਾਂਦਾ ਹੈ।ਇਸ ਤੋਂ ਇਲਾਵਾ ਮਾਰੂ ਬਿਮਾਰੀਆਂ ਤੋਂ ਬਚਾਅ ਲਈ ਬੱਚਿਆਂ ਦਾ ਮੁਫ਼ਤ ਟੀਕਾਕਰਨ ਵੀ ਕੀਤਾ ਜਾਂਦਾ ਹੈ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਇੰਦਰਜੀਤ ਸਿੰਗਲਾ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਅੰਜੂ ਸਿੰਗਲਾ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਬਲਜੀਤ ਸਿੰਘ, ਜ਼ਿਲ੍ਹਾ ਮਾਸ ਮੀਡੀਆ ਅਫਸਰ ਬਲਜਿੰਦਰ ਸਿੰਘ, ਡਿਪਟੀ ਮਾਸ ਮੀਡੀਆ ਅਫਸਰ ਸਰੋਜ ਰਾਣੀ ਹਾਜਰ ਸਨ।
seculartvindia
Author: seculartvindia

Leave a Comment

Voting poll

What does "money" mean to you?
  • Add your answer

latest news