
ਦਲਜੀਤ ਕੌਰ/ਸੰਗਰੂਰ, 7 ਮਈ, 2023: ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ.) ਵੱਲੋਂ ਬੀਤੀ 30 ਅਪ੍ਰੈਲ ਨੂੰ ਜਲੰਧਰ ਵਿਖੇ ਕੀਤੀ ਅਧਿਆਪਕਾਂ ਦੀ ਵਿਆਪਕ ਸ਼ਮੂਲੀਅਤ ਅਧਾਰਿਤ ਸੂਬਾਈ ਰੈਲੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਥੇਬੰਦੀ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਅਤੇ ਸੂਬਾਈ ਜਨਰਲ ਸਕੱਤਰ ਮੁਕੇਸ਼ ਕੁਮਾਰ ਦੀ ਅਗਵਾਈ ਵਿੱਚ ਆਏ ਵਫ਼ਦ ਨਾਲ ਅਹਿਮ ਮੀਟਿੰਗ ਕੀਤੀ ਗਈ ਹੈ। ਜਿਸ ਵਿੱਚ 125 ਓ.ਡੀ.ਐੱਲ. ਅਧਿਆਪਕਾਂ (7654, 3442 ਅਤੇ 5178 ਵਿਭਾਗੀ ਭਰਤੀਆਂ) ਦੇ ਪੈਂਡਿੰਗ ਰੈਗੂਲਰ ਆਰਡਰ ਜ਼ਾਰੀ ਕਰਨ, ਪਿਕਟਸ ਸੁਸਾਇਟੀ ਅਧੀਨ 7000 ਕੰਪਿਊਟਰ ਅਧਿਆਪਕਾਂ ਦੀ ਸਿੱਖਿਆ ਵਿਭਾਗ ਵਿੱਚ ਸ਼ਿਫਟਿੰਗ ਅਤੇ ਲੱਖਾਂ ਮੁਲਾਜ਼ਮਾਂ ਦੇ ਪਿਛਲੇ ਸਮੇਂ ਦੌਰਾਨ ਕੱਟੇ ਗਏ ਪੇਂਡੂ ਤੇ ਬਾਰਡਰ ਇਲਾਕਾ ਭੱਤੇ ਬਹਾਲ ਕਰਨ ਸਬੰਧੀ ਵਿਸੇਸ਼ ਧਿਆਨ ਦੇ ਕੇ ਹੱਲ ਕਰਨ ਦਾ ਭਰੋਸਾ ਮਿਲਿਆ ਹੈ।
ਡੀ.ਟੀ.ਐੱਫ. ਸੰਗਰੂਰ ਦੇ ਜਿਲ੍ਹਾ ਪ੍ਰਧਾਨ ਸੁਖਵਿੰਦਰ ਗਿਰ, ਜਿਲ੍ਹਾ ਸਕੱਤਰ ਅਮਨ ਵਿਸ਼ਿਸ਼ਟ, ਸੂਬਾ ਮੀਤ ਪ੍ਰਧਾਨ ਰਘਵੀਰ ਭਵਾਨੀਗੜ੍ਹ ਅਤੇ ਸੂਬਾ ਆਗੂ ਦਲਜੀਤ ਸਫ਼ੀਪੁਰ ਨੇ ਦੱਸਿਆ ਕੇ ਜਥੇਬੰਦੀ ਦੇ ਵਫ਼ਦ ਨੇ ਮੁੱਖ ਮੰਤਰੀ ਨੂੰ ਯਾਦ ਕਰਵਾਇਆ ਕੇ, ਸਿੱਖਿਆ ਦੇ ਖੇਤਰ ਵਿੱਚ ਅਧਿਆਪਕਾਂ ਨੂੰ ਨਾਲ ਲੈ ਕੇ ਬਦਲਾਅ ਦੀ ਗਰੰਟੀ ਦੇਣ ਦੇ ਬਾਵਜੂਦ ਅਧਿਆਪਕਾਂ ਅਤੇ ਸਿੱਖਿਆ ਨਾਲ ਸਬੰਧਿਤ ਬਹੁਤ ਸਾਰੇ ਮਾਮਲੇ ਜਿਉਂ ਦੇ ਤਿਉਂ ਖੜੇ ਹਨ। ਖਾਸ ਤੌਰ ‘ਤੇ ਹਜ਼ਾਰਾਂ ਪ੍ਰਾਇਮਰੀ ਸਕੂਲਾਂ ਦੇ ਸਿੰਗਲ ਅਧਿਆਪਕ ਹੋਣ, ਖ਼ਤਮ ਕੀਤੀਆਂ ਪੋਸਟਾਂ ਬਹਾਲ ਨਾ ਹੋਣ, ਪ੍ਰਾਇਮਰੀ ਤੇ ਸੈਕੰਡਰੀ ਅਧਿਆਪਕਾਂ ਤੇ ਨਾਨ ਟੀਚਿੰਗ ਦੀਆਂ ਸਾਰੀਆਂ ਪੈਂਡਿੰਗ ਤਰੱਕੀਆਂ, ਸਾਲ 2018 ਦੇ ਨਿਯਮਾਂ ਤਹਿਤ ਲਗਾਈ ਵਿਭਾਗੀ ਪ੍ਰੀਖਿਆ ਦੀ ਸ਼ਰਤ ਹਟਾਉਣਾ ਤੇ ਪੈਂਡਿੰਗ ਭਰਤੀਆਂ ਮੁਕੰਮਲ ਨਾ ਹੋਣਾ ਅਤੇ ਸਮੂਹ ਕੱਚੇ ਅਧਿਆਪਕਾਂ ਦਾ ਪੱਕੇ ਨਾ ਹੋਣ ਦਾ ਹਵਾਲਾ ਦਿੱਤਾ ਗਿਆ। ਜਿਸ ‘ਤੇ ਮੁੱਖ ਮੰਤਰੀ ਨੇ ਦੱਸਿਆ ਕਿ 16 ਮਈ ਨੂੰ ਜੱਥੇਬੰਦੀ ਦੀ ਸਿੱਖਿਆ ਮੰਤਰੀ ਦੀ ਹਾਜ਼ਰੀ ਵਿੱਚ ਪੈਨਲ ਮੀਟਿੰਗ ਕਰਵਾਈ ਜਾਵੇਗੀ ਅਤੇ ਮੰਗਾਂ ਦਾ ਹੱਲ ਕੱਢਿਆ ਜਾਵੇਗਾ। ਜਥੇਬੰਦੀ ਵੱਲੋਂ ਨਿੱਜੀਕਰਨ, ਕੇਂਦਰੀਕਰਨ ਅਤੇ ਭਗਵਾਂਕਰਨ ਪੱਖੀ ਨਵੀਂ ਸਿੱਖਿਆ ਨੀਤੀ-2020 ਨੂੰ ਪੰਜਾਬ ਵਿੱਚ ਲਾਗੂ ਕਰਨ ‘ਤੇ ਸਖ਼ਤ ਇਤਰਾਜ਼ ਦਰਜ਼ ਕਰਵਾਉਂਦੇ ਹੋਏ, ਪੰਜਾਬ ਦੀ ਆਪਣੀ ਸਿੱਖਿਆ ਨੀਤੀ ਘੜਨ ਦੀ ਮੰਗ ‘ਤੇ ਮੁੱਖ ਮੰਤਰੀ ਨੇ ਹਾਂ ਪੱਖੀ ਹੁੰਗਾਰਾ ਦਿੱਤਾ ਹੈ। ਪੀ.ਐੱਮ. ਸ਼੍ਰੀ ਯੋਜਨਾ ਸਬੰਧੀ ਮੁੱਖ ਮੰਤਰੀ ਵੱਲੋਂ ਮੌਕੇ ‘ਤੇ ਹੀ ਸਿੱਖਿਆ ਮੰਤਰੀ ਨਾਲ ਫੋਨ ‘ਤੇ ਗੱਲ ਕਰਦਿਆਂ ਹਦਾਇਤ ਕੀਤੀ ਕੇ, ਇਸ ਯੋਜਨਾ ਦੀ ਆੜ ਵਿੱਚ ਕੇਂਦਰ ਸਰਕਾਰ ਦਾ ਆਪਣਾ ਪਾਠਕ੍ਰਮ ਅਤੇ ਨੀਤੀ ਲਾਗੂ ਕਰਨ ਦਾ ਨਿਸ਼ਾਨਾ ਹੋਣ ਦੀ ਸੂਰਤ ਵਿੱਚ ਇਸ ਨੂੰ ਲਾਗੂ ਨਾ ਕੀਤਾ ਜਾਵੇ।
