July 13, 2025 10:57 pm

ਡਿਪਟੀ ਕਮਿਸ਼ਨਰ ਵੱਲੋਂ ਬਰਸਾਤੀ ਮੌਸਮ ਤੋਂ ਪਹਿਲਾਂ ਘੱਗਰ ਦਰਿਆ ਨੇੜਲੀਆਂ ਸੰਵੇਦਨਸ਼ੀਲ ਥਾਵਾਂ ਦਾ ਦੌਰਾ

Share:

ਦਲਜੀਤ ਕੌਰ/ਮੂਨਕ/ਸੰਗਰੂਰ, 8 ਮਈ, 2023: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਬਰਸਾਤੀ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਅੱਜ ਘੱਗਰ ਦਰਿਆ ਨੇੜਲੀਆਂ ਸੰਵੇਦਨਸ਼ੀਲ ਥਾਵਾਂ ਦਾ ਖੁਦ ਦੌਰਾ ਕਰਕੇ ਨਿਰੀਖਣ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਘੱਗਰ ਦਰਿਆ ਨਜ਼ਦੀਕ ਕੋਈ ਕਮੀ ਨਜ਼ਰ ਆਉਂਦੀ ਹੈ ਤਾਂ ਇਹ ਉਸ ਕਮੀ ਨੂੰ ਦੂਰ ਕਰਨ ਦਾ ਢੁਕਵਾਂ ਸਮਾਂ ਹੈੈ ਕਿਉਂਕਿ ਘੱਗਰ ਦਾ ਪਾਣੀ ਬਹੁਤ ਨੀਵਾਂ ਵਹਿ ਰਿਹਾ ਹੈ ਅਤੇ ਮੀਂਹ ਦਾ ਸੀਜ਼ਨ ਆਰੰਭ ਹੋਣ ਵਿੱਚ ਵੀ ਹਾਲੇ ਸਮਾਂ ਬਾਕੀ ਹੈ। ਡਿਪਟੀ ਕਮਿਸ਼ਨਰ ਨੇ ਖੁਦ ਮੋਟਰਸਾਇਕਲ ਚਲਾ ਕੇ ਘੱਗਰ ਦਰਿਆ ਦੇ ਨਾਲ ਨਾਲ ਮਗਨਰੇਗਾ ਵਰਕਰਾਂ ਦੁਆਰਾ ਪਿਛਲੇ ਮਹੀਨਿਆਂ ਵਿੱਚ ਕੀਤੇ ਗਏ ਹੜ੍ਹ ਰੋਕੂ ਕਾਰਜਾਂ ਦਾ ਨੇੜਿਓਂ ਨਿਰੀਖਣ ਕੀਤਾ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ ਅਤੇ ਸੰਭਾਵੀ ਹੜ੍ਹਾਂ ਦੇ ਕਿਸੇ ਵੀ ਤਰ੍ਹਾਂ ਦੇ ਖਤਰੇ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।
ਐਡੀਸ਼ਨਲ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ ਤੇ ਐਸ.ਡੀ.ਐਮ ਮੂਨਕ ਸੂਬਾ ਸਿੰਘ ਸਮੇਤ ਡਰੇਨੇਜ਼ ਤੇ ਪੰਚਾਇਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮਕਰੋੜ ਸਾਹਿਬ, ਮੰਡਵੀ, ਫੂਲੜ ਦੀਆਂ ਸੰਵੇਦਨਸ਼ੀਲ ਸਥਾਨਾਂ ਦਾ ਦੌਰਾ ਕਰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਪਿੰਡਾਂ ਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਨਾਲ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ ਅਤੇ ਡਰੇਨੇਜ਼ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਜ਼ਿਲ੍ਹੇ ਦੇ ਸਾਰੇ ਬਰਸਾਤੀ ਨਦੀ-ਨਾਲਿਆਂ, ਚੋਆਂ ਤੇ ਡਰੇਨਾਂ ਆਦਿ ਦੀ ਸਫ਼ਾਈ ਦਾ ਕੰਮ ਛੇਤੀ ਹੀ ਮੁਕੰਮਲ ਕਰ ਲਿਆ ਜਾਵੇ ਤਾਂ ਜੋ ਮੀਂਹ ਦੇ ਮੌਸਮ ਦੌਰਾਨ ਕਿਸੇ ਵੀ ਨੁਕਸਾਨ ਤੋਂ ਬਚਿਆ ਜਾ ਸਕੇ। ਆਪਣੇ ਦੌਰੇ ਦੌਰਾਨ ਪਿੰਡਾਂ ਦੇ ਲੋਕਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿਛਲੇ ਵਰ੍ਹੇ ਮਗਨਰੇਗਾ ਵਰਕਰਾਂ ਤੇ ਸਮੁੱਚੀ ਟੀਮ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਸ਼ਲਾਘਾਯੋਗ ਕੰਮ ਕੀਤਾ ਗਿਆ ਸੀ ਜਿਸ ਲਈ ਲੋਕਾਂ ਵਿੱਚ ਵੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਪ੍ਰਤੀ ਵਿਸ਼ਵਾਸ ਮਜ਼ਬੂਤ ਹੋਇਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਖਨੌਰੀ ਵਿਖੇ ਜ਼ਿਲ੍ਹਾ ਪੱਧਰੀ ਫਲੱਡ ਕੰਟਰੋਲ ਰੂਮ ਸਥਾਪਤ ਕੀਤਾ ਜਾ ਰਿਹਾ ਹੈ ਜੋ ਕਿ ਸਟੇਟ ਫਲੱਡ ਕੰਟਰੋਲ ਰੂਮ ਨਾਲ 24 ਘੰਟੇ ਰਾਬਤਾ ਰੱਖੇਗਾ ਅਤੇ ਅਗਲੇ ਮਹੀਨਿਆਂ ਦੌਰਾਨ ਪਹਾੜੀ ਖੇਤਰਾਂ ਵਿੱਚ ਪੈਣ ਵਾਲੀਆਂ ਬਾਰਿਸ਼ਾਂ ਤੋਂ ਬਾਅਦ ਪੈਦਾ ਹੋਣ ਵਾਲੀ ਹਰ ਸਥਿਤੀ ’ਤੇ ਤਿੱਖੀ ਨਜ਼ਰ ਰੱਖੀ ਜਾਵੇਗੀ। ਸ਼੍ਰੀ ਜੋਰਵਾਲ ਨੇ ਸਮੂਹ ਉਪ ਮੰਡਲ ਮੈਜਿਸਟਰੇਟ ਨੂੰ ਵੀ ਹਦਾਇਤ ਕੀਤੀ ਹੈ ਕਿ ਉਹ ਆਪੋ ਆਪਣੇ ਖੇਤਰਾਂ ਵਿੱਚ ਨਦੀਆਂ, ਨਾਲਿਆਂ, ਚੋਆਂ ਤੇ ਡਰੇਨਾਂ ਦੀ ਸਫਾਈ ਦੇ ਚੱਲ ਰਹੇ ਕੰਮਾਂ ਦਾ ਨਿਰੀਖਣ ਕਰਦੇ ਰਹਿਣ।
seculartvindia
Author: seculartvindia

Leave a Comment

Voting poll

What does "money" mean to you?
  • Add your answer

latest news