
ਦਲਜੀਤ ਕੌਰ/ਸੰਗਰੂਰ, 2 ਜੂਨ, 2023: ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ ਨੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਪੀ.ਐਮ ਸਵੈ ਨਿਧੀ ਯੋਜਨਾ ਨੂੰ ਸਫ਼ਲਤਾ ਨਾਲ ਲਾਗੂ ਕਰਨ ਦੀ ਹਦਾਇਤ ਕੀਤੀ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨੂੰ ਮੀਟਿੰਗ ਦੌਰਾਨ ਦਿਸ਼ਾ ਨਿਰਦੇਸ਼ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰੇਹੜੀ ਫੜੀ ਲਗਾ ਕੇ ਆਪਣਾ ਜੀਵਨ ਨਿਰਬਾਹ ਕਰਨ ਵਾਲੇ ਵਿਅਕਤੀਆਂ ਦਾ ਆਰਥਿਕ ਤੇ ਸਮਾਜਿਕ ਪੱਧਰ ਮਜ਼ਬੂਤ ਕਰਨ ਲਈ ਸਾਰਥਕ ਭੂਮਿਕਾ ਅਦਾ ਕੀਤੀ ਜਾਵੇ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰੇਹੜੀ ਫੜੀ ਵਾਲਿਆਂ ਦੇ ਪਰਿਵਾਰਾਂ ਨੂੰ ਕੇਂਦਰੀ ਤੇ ਰਾਜ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਸਮੇਂ ਸਿਰ ਮਿਲਣਾ ਚਾਹੀਦਾ ਹੈ ਅਤੇ ਇਸ ਆਸ਼ੇ ਦੀ ਪੂਰਤੀ ਹਿੱਤ ਜੂਨ ਮਹੀਨੇ ਵਿੱਚ ਹੀ ਸੁਨਾਮ ਅਤੇ ਸੰਗਰੂਰ ਵਿਖੇ ਵਿਸ਼ੇਸ ਤੌਰ ’ਤੇ ਕੈਂਪ ਲਗਾਏ ਜਾਣਗੇ।
ਵਧੀਕ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਯੋਗ ਲਾਭਪਾਤਰੀਆਂ ਦੀ ਪਛਾਣ ਕਰਕੇ ਉਨ੍ਹਾਂ ਤੱਕ ਵੱਖ-ਵੱਖ ਸਰਕਾਰੀ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ’ਤੇ ਯਕੀਨੀ ਬਣਾਇਆ ਜਾਵੇ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਦੀਆਂ 8 ਭਲਾਈ ਯੋਜਨਾਵਾਂ ਜਿਨ੍ਹਾਂ ਵਿੱਚ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ, ਪ੍ਰਧਾਨ ਮੰਤਰੀ ਜੀਵਨ ਜਯੋਤੀ ਬੀਮਾ ਯੋਜਨਾ, ਪ੍ਰਧਾਨ ਮੰਤਰੀ ਸ਼੍ਰਮ ਯੋਗੀ ਮਾਨਧਨ ਯੋਜਨਾ, ਪ੍ਰਧਾਨ ਮੰਤਰੀ ਜਣਨੀ ਸੁਰੱਖਿਆ ਯੋਜਨਾ, ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ, ਇੱਕ ਰਾਸ਼ਟਰ ਇੱਕ ਰਾਸ਼ਨ ਕਾਰਡ, ਬੀ.ਓ.ਸੀ.ਡਬਲਿਊ ਯੋਜਨਾ ਤਹਿਤ ਰਜਿਸਟਰੇਸ਼ਨ ਕੀਤੀ ਜਾਵੇ।
ਮੀਟਿੰਗ ਦੌਰਾਨ ਸਹਾਇਕ ਕਿਰਤ ਕਮਿਸ਼ਨਰ ਜਸਪ੍ਰੀਤ ਸਿੰਘ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਬਲਜੀਤ ਸਿੰਘ, ਫੂਡ ਸਪਲਾਈ ਅਧਿਕਾਰੀ ਵਿਜੈ ਕੁਮਾਰ ਸ਼ਰਮਾ ਤੇ ਹਰਪ੍ਰੀਤ ਸਿੰਘ, ਈ.ਓ ਬਾਲ ਕ੍ਰਿਸ਼ਨ ਤੇ ਈ.ਓ ਸੁਨਾਮ ਅੰਮ੍ਰਿਤਲਾਲ, ਲੀਡ ਬੈਂਕ ਮੈਨੇਜਰ ਆਦਿ ਵੀ ਹਾਜ਼ਰ ਸਨ।