
ਦਲਜੀਤ ਕੌਰ/ਚੰਡੀਗੜ੍ਹ, 12 ਜੁਲਾਈ, 2023: ਪੰਜਾਬ ਦੇ ਸਕੂਲਾਂ ਵਿੱਚ ਸਕੂਲ ਮੁਖੀਆਂ ਨੂੰ ਗੈਰ-ਵਿਦਿਅਕ ਕੰਮਾਂ ਤੋਂ ਭਾਰ ਮੁਕਤ ਕੀਤੇ ਜਾਣ ਦੀ ਆੜ ਅਧੀਨ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 150 ਕੈੰਪਸ ਮੈਨੇਜਰ ਭਰਤੀ ਕੀਤੇ ਜਾਣ ਸੰਬੰਧੀ ਜਾਰੀ ਕੀਤੇ ਇਸ਼ਤਿਹਾਰ ਉੱਤੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਨੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ।
ਇਸ ਸੰਬੰਧੀ ਪ੍ਰੈੱਸ ਬਿਆਨ ਜਾਰੀ ਕਰਦਿਆਂ ਜੱਥੇਬੰਦੀ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਕਿਹਾ ਕਿ ਪੰਜਾਬ ਸਰਕਾਰ ਸਕੂਲਾਂ ਵਿੱਚ ਖਾਲੀ ਪਈਆਂ ਹਜ਼ਾਰਾਂ ਨਾਨ ਟੀਚਿੰਗ ਦੀਆਂ ਅਸਾਮੀਆਂ ਉੱਤੇ ਪੱਕੀ ਭਰਤੀ ਕਰਨ ਦੀ ਬਜਾਏ ਪੰਜਾਬ ਐਕਸ ਸਰਵਿਸਮੈਨ ਕਾਰਪੋਰੇਸ਼ਨ (ਪੋਸਕੋ) ਰਾਹੀਂ ਕੇੰਦਰ ਸਰਕਾਰ, ਰਾਜ ਸਰਕਾਰ ਜਾਂ ਸਥਾਨਕ ਸਰਕਾਰਾਂ ਵਿੱਚੋਂ ਸੇਵਾ ਮੁਕਤ ਹੋ ਚੁੱਕੇ ਮੁਲਾਜ਼ਮਾਂ (ਰਿਟਾਇਰੀਆਂ) ਨੂੰ ਆਊਟਸੋਰਸ ਨੀਤੀ ਤਹਿਤ ਭਰਤੀ ਕਰਕੇ ਡੰਗ ਟਪਾਈ ਕਰ ਰਹੀ ਹੈ।
ਡੀ.ਟੀ.ਐੱਫ ਦੇ ਜ਼ਿਲ੍ਹਾ ਜਨਰਲ ਸਕੱਤਰ ਗੁਰਬਿੰਦਰ ਸਿੰਘ ਖਹਿਰਾ ਨੇ ਕਿਹਾ ਕਿ ਜਿਹੜੀ ਆਮ ਆਦਮੀ ਪਾਰਟੀ ਕੱਚੇ ਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ ਅਤੇ ਕੱਚੇ ਤੇ ਆਊਟਸੋਰਸ ਦੀ ਨੀਤੀ ਨੂੰ ਪਿਛਲੀਆਂ ਸਰਕਾਰਾਂ ਦੇ ਬੀਜੇ ਹੋਏ ਕੰਡੇ ਦੱਸਦੀ ਸੀ ਅੱਜ ਉਸ ਪਾਰਟੀ ਦੀ ਸਰਕਾਰ ਨੇ ਕੱਚੇ ਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕਾ ਤਾਂ ਕੀ ਕਰਨਾ ਸੀ ਸਗੋਂ ਪਿਛਲੀਆਂ ਸਰਕਾਰਾਂ ਦੀ ਤਰਜ਼ ‘ਤੇ ਆਊਟਸੋਰਸ ਭਰਤੀ ਦੀ ਨੀਤੀ ਨੂੰ ਹੀ ਜਾਰੀ ਰੱਖ ਕੇ ਹੋਰ ਨਵੇਂ ਕੰਡੇ ਬੀਜੇ ਜਾ ਰਹੇ ਹਨ।
ਆਗੂਆਂ ਜਰਮਨਜੀਤ ਸਿੰਘ, ਨੇ ਚਰਨਜੀਤ ਸਿੰਘ, ਗੁਰਦੇਵ ਸਿੰਘ, ਨਿਰਮਲ ਸਿੰਘ, ਮਨਪ੍ਰੀਤ ਸਿੰਘ, ਹਰਜਾਪ ਸਿੰਘ ਬੱਲ, ਸੁਖਜਿੰਦਰ ਸਿੰਘ ਜੱਬੋਵਾਲ, ਰਾਜੇਸ਼ ਕੁਮਾਰ ਪਰਾਸ਼ਰ ਆਦਿ ਨੇ ਪੰਜਾਬ ਸਰਕਾਰ ਤੋਂ ਸਵਾਲ ਕੀਤਾ ਕਿ ਅੱਜ ਜਦੋਂ ਪੰਜਾਬ ਵਿੱਚ ਉੱਚ ਯੋਗਤਾ ਪ੍ਰਾਪਤ ਬੇਰੁਜ਼ਗਾਰ ਨੌਜਵਾਨਾਂ ਦੀ ਗਿਣਤੀ ਆਪਣੇ ਸਿਖਰਾਂ ‘ਤੇ ਹੈ ਤਾਂ ਪਹਿਲਾਂ ਹੀ ਰਿਟਾਇਰ ਹੋ ਚੁੱਕੇ ਮੁਲਾਜ਼ਮਾਂ ਨੂੰ ਭਰਤੀ ਕਰਨਾ ਕਿੱਥੋਂ ਤੱਕ ਵਾਜਿਬ ਹੈ?
ਡੀ ਟੀ ਐੱਫ ਆਗੂਆਂ ਰਾਜੀਵ ਬਰਨਾਲਾ, ਗੁਰਪਿਆਰ ਕੋਟਲੀ, ਜਗਪਾਲ ਬੰਗੀ, ਬੇਅੰਤ ਫੂਲੇਵਾਲਾ, ਰਘਵੀਰ ਸਿੰਘ ਭਵਾਨੀਗੜ੍ਹ, ਜਸਵਿੰਦਰ ਔਜਲਾ, ਹਰਜਿੰਦਰ ਸਿੰਘ ਵਡਾਲਾ ਬਾਂਗਰ, ਦਲਜੀਤ ਸਫੀਪੁਰ, ਕੁਲਵਿੰਦਰ ਜੋਸ਼ਨ, ਪਵਨ ਕੁਮਾਰ ਮੁਕਤਸਰ, ਮਹਿੰਦਰ ਕੌੜਿਆਂਵਾਲੀ, ਤੇਜਿੰਦਰ ਸਿੰਘ, ਰੁਪਿੰਦਰ ਗਿੱਲ ਅਤੇ ਸੁਖਦੇਵ ਡਾਨਸੀਵਾਲ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੁੱਚੇ ਵਿਭਾਗਾਂ, ਬੋਰਡਾਂ ਤੇ ਕਾਰਪੋਰੇਸ਼ਨਾਂ ਸਮੇਤ ਹਰ ਅਦਾਰੇ ਵਿੱਚ ਲੋੜੀਂਦੇ ਸਟਾਫ਼ ਦੀ ਰੈਗੂਲਰ ਆਧਾਰ ‘ਤੇ ਭਰਤੀ ਕਰਕੇ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਵੇ ਅਤੇ ਹਰ ਪ੍ਰਕਾਰ ਦੇ ਕੱਚੇ ਤੇ ਆਊਟਸੋਰਸ ਮੁਲਾਜ਼ਮਾਂ ਨੂੰ ਬਿਨ੍ਹਾਂ ਸ਼ਰਤ ਪੱਕਾ ਕੀਤਾ ਜਾਵੇ।