November 22, 2025 12:16 pm

ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਸੰਗਰਾਮੀ ਜਥੇਦਾਰ ਕਰਤਾਰ ਸਿੰਘ ਦਰਵੇਸ਼ ਸੀਨੀਅਰ ਸੈਕੰਡਰੀ ਸਕੂਲ ਨੂੰ ਸਕੂਲ ਆਫ਼ ਐਮੀਨੈਂਸ ਬਣਾਉਣ ਲਈ 3.33 ਕਰੋੜ ਰੁਪਏ ਦੀ ਗਰਾਂਟ ਜਾਰੀ 

Share:

ਦਲਜੀਤ ਕੌਰ/ਸੰਗਰੂਰ, 21 ਜੁਲਾਈ, 2023: ਪੰਜਾਬ ਸਰਕਾਰ ਵੱਲੋਂ ਸੰਗਰੂਰ ਸ਼ਹਿਰ ਦੇ ਸੁਤੰਤਰਤਾ ਸੰਗਰਾਮੀ ਜਥੇਦਾਰ ਕਰਤਾਰ ਸਿੰਘ ਦਰਵੇਸ਼ ਸੀਨੀਅਰ ਸੈਕੰਡਰੀ ਸਕੂਲ ਨੂੰ ਸਕੂਲ ਆਫ਼ ਐਮੀਨੈਂਸ ਬਣਾਉਣ ਲਈ 3.33 ਕਰੋੜ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਸੰਗਰੂਰ ਦੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕੀਤਾ ਹੈ। ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸਮੇਂ ਦੇ ਹਾਣ ਦਾ ਬਣਾਉਣ ਅਤੇ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਦੇਸ਼ ਭਰ ‘ਚੋਂ ਰੋਲ ਮਾਡਲ ਬਣਾਉਣ ਦੀ ਵਚਨਬੱਧਤਾ ਤਹਿਤ ਆਉਣ ਵਾਲੇ ਸਮੇਂ ਵਿੱਚ ‘ਸਕੂਲ ਆਫ਼ ਐਮੀਨੈਂਸ’ ਅਹਿਮ ਭੂਮਿਕਾ ਅਦਾ ਕਰਨਗੇ। ਉਨ੍ਹਾਂ ਕਿਹਾ ਕਿ ਜਥੇਦਾਰ ਕਰਤਾਰ ਸਿੰਘ ਦਰਵੇਸ਼ ਸੀਨੀਅਰ ਸੈਕੰਡਰੀ ਸਕੂਲ ਨੂੰ ਸਕੂਲ ਆਫ਼ ਐਮੀਨੈਂਸ ਦਾ ਦਰਜਾ ਮਿਲਣ ਨਾਲ ਇਸ ਸਕੂਲ ਵਿੱਚ ਹੋਰ ਮਿਆਰੀ ਸਿੱਖਿਆ ਸਹੂਲਤਾਂ ਉਪਲਬਧ ਹੋਣਗੀਆਂ ਅਤੇ ਇਥੋਂ ਸਿੱਖਿਆ ਹਾਸਲ ਕਰਨ ਵਾਲੇ ਵਿਦਿਆਰਥੀ ਭਵਿੱਖ ਵਿੱਚ ਹੋਰ ਵੱਡੀਆਂ ਮੱਲਾਂ ਮਾਰਨ ਦੇ ਸਮਰੱਥ ਬਣਨਗੇ।
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਇਹ ਸਕੂਲ ਵਿਦਿਆਰਥੀਆਂ ਦੇ ਜੀਵਨ ਨੂੰ ਨਵੀਂ ਦਿਸ਼ਾ ਦੇਵੇਗਾ। ਉਨ੍ਹਾਂ ਕਿਹਾ ਕਿ ‘ਸਕੂਲ ਆਫ਼ ਐਮੀਨੈਂਸ’ ਦੇ ਹੋਂਦ ‘ਚ ਆਉਣ ਨਾਲ ਉਹ ਦਿਨ ਹੁਣ ਦੂਰ ਨਹੀਂ ਜਦੋਂ ਸੂਬੇ ਦੇ ਸਰਕਾਰੀ ਸਕੂਲ, ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਸਿੱਖਿਆ ਮੁਹੱਈਆ ਕਰਵਾਉਣਗੇ ਅਤੇ ਮਾਪੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਪੜ੍ਹਾਉਣ ਵਿਚ ਮਾਣ ਮਹਿਸੂਸ ਕਰਨਗੇ। ਉਨ੍ਹਾਂ ਕਿਹਾ ਕਿ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਵਿਚ ਅਹਿਮ ਭੂਮਿਕਾ ਸਾਡੇ ਅਧਿਆਪਕਾਂ ਨੇ ਨਿਭਾਉਣੀ ਹੈ ਜਿਸ ਕਰਕੇ ਹਰੇਕ ਅਧਿਆਪਕ ਨੂੰ ਸਿੱਖਿਆ ਦੀ ਇਸ ਨਵੀਂ ਕ੍ਰਾਂਤੀ ਵਿਚ ਉਤਸ਼ਾਹ ਨਾਲ ਸ਼ਾਮਲ ਹੋਣਾ ਚਾਹੀਦਾ ਹੈ।
seculartvindia
Author: seculartvindia

Leave a Comment

Voting poll

What does "money" mean to you?
  • Add your answer

latest news