
ਦਲਜੀਤ ਕੌਰ/ਚੀਮਾ/ਸੁਨਾਮ ਊਧਮ ਸਿੰਘ ਵਾਲਾ, 22 ਅਗਸਤ, 2023:ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਬੀਤੇ ਦਿਨੀਂ ਸਬ ਤਹਿਸੀਲ ਕੰਪਲੈਕਸ ਚੀਮਾ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਬਹੁ ਪੱਖੀ ਵਿਕਾਸ ਨੂੰ ਤਰਜੀਹੀ ਆਧਾਰ ’ਤੇ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੇ ਰੋਜ਼ਾਨਾ ਦੇ ਪ੍ਰਸ਼ਾਸਕੀ ਕੰਮਾਂ ਨੂੰ ਨੇਪਰੇ ਚੜ੍ਹਾਉਣ ਲਈ ਸੂਬੇ ਵਿੱਚ ਵੱਖ ਵੱਖ ਥਾਈਂ ਸਬ ਡਵੀਜ਼ਨਲ, ਤਹਿਸੀਲ ਤੇ ਸਬ ਤਹਿਸੀਲ ਕੰਪਲੈਕਸਾਂ ਦੀ ਉਸਾਰੀ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਚੀਮਾ ਵਿਖੇ 4.46 ਕਰੋੜ ਰੁਪਏ ਦੀ ਲਾਗਤ ਨਾਲ ਸਬ ਤਹਿਸੀਲ ਕੰਪਲੈਕਸ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੀ ਨਿਗਰਾਨੀ ਹੇਠ ਉਸਾਰੀ ਕਾਰਜਾਂ ਨੂੰ ਪੂਰੀ ਪਾਰਦਰਸ਼ਤਾ ਨਾਲ ਸਮੇਂ ਸਿਰ ਨੇਪਰੇ ਚੜ੍ਹਾਉਣ ਲਈ ਕਾਰਜਸ਼ੀਲ ਰਹਿਣ।
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸਬ ਤਹਿਸੀਲ ਕੰਪਲੈਕਸ ਬਣਨ ਨਾਲ ਚੀਮਾ ਇਲਾਕੇ ਦੇ ਪਿੰਡਾਂ ਦੇ ਕਰੀਬ 50 ਹਜ਼ਾਰ ਲੋਕਾਂ ਨੂੰ ਬਹੁ ਗਿਣਤੀ ਪ੍ਰਸ਼ਾਸਨਿਕ ਸੇਵਾਵਾਂ ਇਕੋ ਛੱਤ ਹੇਠਾਂ ਮਿਲ ਸਕਣਗੀਆਂ ਜਿਸ ਨਾਲ ਲੋਕਾਂ ਦੇ ਕੀਮਤੀ ਸਮੇਂ ਦੀ ਬੱਚਤ ਹੋਵੇਗੀ। ਉਨ੍ਹਾਂ ਨਿਰਮਾਣ ਕਾਰਜਾਂ ਦੀ ਸ਼ੁਰੂਅਤਾ ਮੌਕੇ ਇਲਾਕਾ ਵਾਸੀਆਂ ਨੂੰ ਮੁਬਾਰਕਬਾਦ ਭੇਟ ਕੀਤੀ ਅਤੇ ਵਿਸ਼ਵਾਸ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੁਨਾਮ, ਲੌਂਗੋਵਾਲ ਤੇ ਚੀਮਾ ਨਿਵਾਸੀਆਂ ਦਾ ਪ੍ਰਮੁੱਖ ਲੋੜਾਂ ਨੂੰ ਤਰਜੀਹੀ ਆਧਾਰ ’ਤੇ ਮੁਕੰਮਲ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਸ ਮੌਕੇ ਦਰਸ਼ਨ ਸਿੰਘ ਗੀਤੀ ਮਾਨ ਚੇਅਰਮੈਨ ਮਾਰਕੀਟ ਕਮੇਟੀ, ਬੀਰਬਲ ਸਿੰਘ, ਨਿਰਭੈ ਸਿੰਘ, ਕੁਲਦੀਪ ਸਿੰਘ, ਦਰਸ਼ਨ ਸਿੰਘ ਵੀ ਹਾਜ਼ਰ ਸਨ।