ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਜਦੋਂ ਤੱਕ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿੱਚ ਰਹੇਗੀ, ਉਦੋਂ ਤੱਕ ਔਰਤਾਂ ਲਈ ਮੁਫਤ ਬੱਸ ਸਫਰ, ਹਰ ਮਹੀਨੇ 1,000 ਰੁਪਏ ਦੀ ਵਿੱਤੀ ਸਹਾਇਤਾ, 10 ਲੱਖ ਰੁਪਏ ਦਾ ਸਿਹਤ ਬੀਮਾ ਅਤੇ ਮੁਫਤ ਬਿਜਲੀ ਸਮੇਤ ਸਾਰੀਆਂ ਵੱਡੀਆਂ ਭਲਾਈ ਸਕੀਮਾਂ ਬਿਨਾਂ ਰੁਕਾਵਟ ਜਾਰੀ ਰਹਿਣਗੀਆਂ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ‘ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਸੂਬੇ ਨੂੰ ਅੰਗਰੇਜ਼ਾਂ ਨਾਲੋਂ ਵੀ ਵੱਧ ਬੇਰਹਿਮੀ ਨਾਲ ਲੁੱਟਿਆ ਹੈ।
ਜਲੰਧਰ ਦੇ ਪਿੰਡ ਦੋਨੇਵਾਲ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਲੋਕਾਂ ਦੇ ਰੂਬਰੂ ਹੁੰਦਿਆਂ ਮਾਨ ਨੇ ਪਾਰਦਰਸ਼ੀ ਸਰਕਾਰੀ ਭਰਤੀਆਂ, ਭਲਾਈ ਕਾਰਜਾਂ ਅਤੇ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਹੁਣ ਤਰੱਕੀ ਦੇ ਰਾਹ ‘ਤੇ ਪੈ ਚੁੱਕਾ ਹੈ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਲੋਕ ਭਲਾਈ ਅਤੇ ਵਿਕਾਸ ਉਨ੍ਹਾਂ ਦੀ ਸਰਕਾਰ ਦੀਆਂ ਮੁੱਖ ਤਰਜੀਹਾਂ ਹਨ ਅਤੇ ਉਨ੍ਹਾਂ ਲੋਕਾਂ ਨੂੰ ਇਸ ਵਿਕਾਸ ਦੇ ਸਫ਼ਰ ਨੂੰ ਹੋਰ ਤੇਜ਼ ਕਰਨ ਦਾ ਸੱਦਾ ਦਿੱਤਾ।
ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਦੇ ਪਿਛਲੇ ਕਾਰਜਕਾਲਾਂ ਦਾ ਜ਼ਿਕਰ ਕਰਦਿਆਂ ਮਾਨ ਨੇ ਕਿਹਾ ਕਿ ਜਿਨ੍ਹਾਂ ਨੇ ਸਾਲਾਂ ਬੱਧੀ ਸੂਬੇ ਨੂੰ ਲੁੱਟਿਆ ਹੈ, ਉਨ੍ਹਾਂ ਨੂੰ ਅਗਲੇ ਸਾਲ ਦੇ ਸ਼ੁਰੂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕਾਂ ਦੇ ਸਖ਼ਤ ਜਵਾਬ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ, “ਇਨ੍ਹਾਂ ਪਾਰਟੀਆਂ ਨੇ ਆਪਣੇ ਰਾਜ ਦੌਰਾਨ ਸੂਬੇ ਅਤੇ ਇਸ ਦੇ ਵਸੀਲਿਆਂ ਨੂੰ ਅੰਗਰੇਜ਼ਾਂ ਨਾਲੋਂ ਵੀ ਵੱਧ ਬੇਰਹਿਮੀ ਨਾਲ ਲੁੱਟਿਆ ਹੈ। ਇਹ ਕਿਸੇ ਰਹਿਮ ਦੇ ਹੱਕਦਾਰ ਨਹੀਂ ਹਨ ਕਿਉਂਕਿ ਇਨ੍ਹਾਂ ਨੇ ਪੰਜਾਬ ਅਤੇ ਇੱਥੋਂ ਦੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ, ਜੋ ਕਿ ਕਦੇ ਨਾ ਮੁਆਫ਼ ਕਰਨ ਯੋਗ ਅਪਰਾਧ ਹੈ।”
ਮਾਨ ਨੇ ਦੋਸ਼ ਲਾਇਆ ਕਿ ਵਿਰੋਧੀ ਧਿਰ ਦੇ ਆਗੂ ਸੱਤਾ ਵਿੱਚ ਰਹਿੰਦਿਆਂ ਇੱਕ ਦੂਜੇ ਦੇ ਹਿੱਤਾਂ ਨੂੰ ਬਚਾਉਣ ਲਈ ‘ਆਪਸ ਵਿੱਚ ਮਿਲੇ ਹੋਏ’ ਸਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਸੱਤਾ ਵਿੱਚ ਆ ਕੇ ਇਨ੍ਹਾਂ ਦੀਆਂ ਖੇਡਾਂ ਵਿਗਾੜ ਦਿੱਤੀਆਂ ਅਤੇ ਆਮ ਆਦਮੀ ਦੀਆਂ ਉਮੀਦਾਂ ਪੂਰੀਆਂ ਕੀਤੀਆਂ ਹਨ।
ਭਾਜਪਾ ਅਤੇ ਅਕਾਲੀ ਦਲ ‘ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦਾ ਕੋਹੜ ਉਦੋਂ ਫੈਲਿਆ ਜਦੋਂ ਇਨ੍ਹਾਂ ਦਾ ਗਠਜੋੜ ਸੱਤਾ ਵਿੱਚ ਸੀ। ਉਨ੍ਹਾਂ ਕਿਹਾ, “ਜਿਨ੍ਹਾਂ ਪਾਰਟੀਆਂ ਨੇ ਦਹਾਕਿਆਂ ਤੱਕ ਸੂਬੇ ‘ਤੇ ਰਾਜ ਕੀਤਾ ਅਤੇ ਨਸ਼ਿਆਂ ਦਾ ਪਸਾਰ ਕੀਤਾ, ਉਹ ਹੁਣ ਬਦਲਾਅ ਦੇ ਵਾਅਦੇ ਕਰ ਰਹੀਆਂ ਹਨ। ਅਕਾਲੀਆਂ ‘ਤੇ ਪੀੜ੍ਹੀਆਂ ਦੀ ਨਸਲਕੁਸ਼ੀ ਦਾ ਮੁਕੱਦਮਾ ਦਰਜ ਹੋਣਾ ਚਾਹੀਦਾ ਹੈ ਕਿਉਂਕਿ ਨਸ਼ੇ ਦੇ ਵਪਾਰ ਨੂੰ ਉਨ੍ਹਾਂ ਦੀ ਸਰਪ੍ਰਸਤੀ ਹਾਸਲ ਸੀ ਅਤੇ ਇਹ ਉਨ੍ਹਾਂ ਦੇ ਲੰਮੇ ਮਾੜੇ ਸ਼ਾਸਨ ਦੌਰਾਨ ਹੀ ਫੁੱਲਿਆ-ਫਲਿਆ।”
ਮਾਨ ਨੇ ਕਿਹਾ ਕਿ ਅਕਾਲੀ ਦਲ ਦੇ ਰਾਜ ਦੌਰਾਨ ਉਨ੍ਹਾਂ ਦੀ ਲੀਡਰਸ਼ਿਪ ਨੇ ਟਰਾਂਸਪੋਰਟ, ਕੇਬਲ, ਮਾਈਨਿੰਗ ਅਤੇ ਢਾਬਿਆਂ ਸਮੇਤ ਮੁਨਾਫ਼ੇ ਵਾਲੇ ਸਾਰੇ ਕਾਰੋਬਾਰਾਂ ‘ਤੇ ਕਬਜ਼ਾ ਕਰ ਲਿਆ ਸੀ।
ਕਾਂਗਰਸ ਪਾਰਟੀ ‘ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ, “ਕਾਂਗਰਸ ਪਾਰਟੀ ਆਖ਼ਰੀ ਸਾਹਾਂ ‘ਤੇ ਹੈ ਅਤੇ ਬਹੁਤ ਜਲਦ ਖ਼ਤਮ ਹੋ ਜਾਵੇਗੀ ਕਿਉਂਕਿ ਇਸ ਕੋਲ ਲੋਕਾਂ ਅਤੇ ਸੂਬੇ ਲਈ ਕੋਈ ਦ੍ਰਿਸ਼ਟੀਕੋਣ ਨਹੀਂ ਹੈ। ਉਨ੍ਹਾਂ ਦਾ ਇੱਕੋ-ਇੱਕ ਮਕਸਦ ਸੱਤਾ ਹਾਸਲ ਕਰਕੇ ਪੰਜਾਬ ਦੇ ਸਰਮਾਏ ਨੂੰ ਲੁੱਟਣਾ ਹੈ, ਪਰ ਉਨ੍ਹਾਂ ਦੇ ਇਹ ਸੁਪਨੇ ਕਦੇ ਪੂਰੇ ਨਹੀਂ ਹੋਣਗੇ।”