Punjab News : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ 2 ਕਰੀਬੀ ਸਾਥੀਆਂ ਨੂੰ ਅਜਨਾਲਾ ਪੁਲਿਸ ਵੱਲੋਂ ਗ੍ਰਿਫਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਅੰਮ੍ਰਿਤਪਾਲ ਸਿੰਘ ਵੱਲੋਂ ਇਕ ਵੀਡੀਓ ਰਾਹੀਂ ਇਹ ਦਾਅਵਾ ਕੀਤਾ ਗਿਆ ਹੈ ਕਿ ਅਜਨਾਲਾ ਪੁਲਿਸ ਵੱਲੋਂ ਉਨ੍ਹਾਂ ਦੀ ਜਥੇਬੰਦੀ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਅੱਜ ਸਵੇਰੇ ਉਨ੍ਹਾਂ ਦੀ ਜਥੇਬੰਦੀ ਦੇ ਦੋ ਮੈਂਬਰਾਂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਜੋ ਝੂਠਾ ਪਰਚਾ ਦਰਜ ਕਰਵਾਇਆ ਗਿਆ ਹੈ, ਉਸ ਮਾਮਲੇ ਵਿੱਚ ਇਹ ਗ੍ਰਿਫ਼ਤਾਰੀ ਕੀਤੀ ਗਈ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਉਨ੍ਹਾਂ ਦੇ ਪਿੰਡ ਜੱਗੂਪੁਰ ਖੇੜੇ ਪਹੁੰਚਣ ,ਜਿੱਥੇ ਇਕੱਠੇ ਹੋ ਕੇ ਇਸ ਮਾਮਲੇ ਬਾਰੇ ਸਲਾਹ ਕੀਤੀ ਜਾਵੇਗੀ ਕਿ ਅੱਗੇ ਕੀ ਕਰਨਾ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਅਸੀਂ ਪੁਲਿਸ ਨੂੰ ਬਹੁਤ ਵਾਰ ਇਹ ਅਪੀਲ ਕਰ ਚੁੱਕੇ ਹਾਂ ਕਿ ਸਾਨੂੰ ਪ੍ਰੇਸ਼ਾਨ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰੇਸ਼ਾਨ ਕਰਨੋ ਨਹੀਂ ਹੱਟਦੀ ਤਾਂ ਫਿਰ ਇਕ ਵਾਰ ਆਪਾਂ ਦੇਖ ਹੀ ਲਈਏ, ਕਿਉਂਕਿ ਵਾਹਣ ਦੋਵਾਂ ਨੂੰ ਭੱਜਦਿਆਂ ਨੂੰ ਇਕੋ ਜਹੇ ਹੀ ਹੁੰਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਗ੍ਰਿਫਤਾਰ ਕੀਤੇ ਗਏ ਸਿੰਘਾਂ ਨੂੰ ਰਿਹਾਅ ਨਹੀਂ ਕਰਦੀ ਤਾਂ ਉਹ ਸੋਚਣਗੇ ਕਿ ਅੱਗੇ ਕੀ ਕਰਨਾ ਹੈ।
ਦੱਸ ਦੇਈਏ ਕਿ ਬੀਤੇ ਕੱਲ੍ਹ ਇਕ ਨੌਜਵਾਨ ਨੂੰ ਅਜਨਾਲਾ ਤੋਂ ਅਗਵਾ ਕਰਕੇ ਉਸ ਦੀ ਕੁੱਟਮਾਰ ਕਰਨ ਦੇ ਦੋਸ਼ ਵਿਚ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖ਼ਾਲਸਾ ਅਤੇ ਉਸ ਦੇ ਸਾਥੀਆਂ ’ਤੇ ਅਜਨਾਲਾ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਸੀ। ਇਹ ਜਾਣਕਾਰੀ ਡੀ.ਐੱਸ.ਪੀ. ਅਜਨਾਲਾ ਸੰਜੀਵ ਕੁਮਾਰ ਨੇ ਦਿੱਤੀ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।